ਪਟਿਆਲਾ (ਮਨਪ੍ਰੀਤ ਸਿੰਘ):- ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 37 ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਕਿਰਨ ਰਾਣੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਬਲਾਕ ਪ੍ਰਧਾਨ ਸਿਕੰਦਰ ਚੌਹਾਨ ਦੀ ਅਗਵਾਈ ਹੇਠ ਅਮਰ ਦਰਸ਼ਨ ਕਲੋਨੀ ਵਿਖੇ ਕਰਵਾਈ ਗਈ ਜਨ ਸਭਾ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸ਼ਮੂਲੀਅਤ ਕਰਦਿਆਂ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਕਾਜ ’ਤੇ ਤਿੱਖੇ ਸਵਾਲ ਚੁੱਕਦਿਆਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਦੇ ਅਨੇਕਾਂ ਵਾਰਡਾਂ ਵਿੱਚ ਲੰਮੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਕੇ ਆ ਰਿਹਾ ਹੈ। ਟੁੱਟੀਆਂ ਗਲੀਆਂ ਅਤੇ ਸੜਕਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਰਾਤ ਸਮੇਂ ਸਟਰੀਟ ਲਾਈਟਾਂ ਦੇ ਰੋਜ਼ਾਨਾ ਬੰਦ ਰਹਿਣ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਕਿਤੇ ਵੀ ਨਹੀਂ ਸੁਣੀਆਂ ਜਾ ਰਹੀਆਂ।
ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸਰਵਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਭਾਜਪਾ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਲਈ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਵਾਰਡ ਨੰਬਰ 37 ਦੀ ਭਾਜਪਾ ਉਮੀਦਵਾਰ ਕਿਰਨ ਰਾਣੀ ਅਤੇ ਸਿਕੰਦਰ ਚੌਹਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਵਾਰਡ ਵਾਸੀਆਂ ਦੇ ਹਿੱਤ ਵਿੱਚ ਕੰਮ ਕਰਨ ਲਈ ਸਮਰਪਿਤ ਸਨ ਅਤੇ ਚੋਣਾਂ ਤੋਂ ਬਾਅਦ ਵੀ ਹਮੇਸ਼ਾ ਲੋਕਾਂ ਦੇ ਕੰਮਾਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਹਾਜ਼ਰ ਰਹਿਣਗੇ।
ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ ਵਿਰਕ, ਕੌਂਸਲਰ ਸ਼ੇਰੂ ਪੰਡਿਤ, ਪ੍ਰੇਮ ਚੰਦ ਪ੍ਰੇਮੀ, ਗਿਆਨ ਚੰਦ ਬਿੱਲੂ ਸਮੇਤ ਹੋਰ ਆਗੂਆਂ ਨੇ ਵੀ ਕਿਰਨ ਰਾਣੀ ਦੇ ਹੱਕ ਵਿੱਚ ਸੰਬੋਧਨ ਕੀਤਾ।
