ਐਸ ਏ ਐਸ ਨਗਰ, 26 ਅਗਸਤ- ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਵੱਲੋਂ ਸਿੱਖ ਕਤਲੇਆਮ ਪੀੜਿਤਾਂ ਦੀ ਭਲਾਈ, ਉਹਨਾਂ ਨੂੰ ਨਿਆਂ ਦਿਵਾਉਣ ਅਤੇ ਰਾਹਤ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਗੱਲ ਤੋਂ ਸਾਰੇ ਹੀ ਜਾਣੂ ਹਨ ਕਿ ਕਾਂਗਰਸ ਰਾਜ ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣੀਆਂ ਤੋਂ ਦੂਰ ਕਾਂਗਰਸ ਵੱਲੋਂ ਉਹਨਾਂ ਨੂੰ ਬਰੀ ਕਰਵਾ ਦਿੱਤਾ ਗਿਆ ਸੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਕਮਾਨ ਸੰਭਾਲਣ ਤੋਂ ਬਾਅਦ ਇਹਨਾਂ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਵਾ ਕੇ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂਆਂ ਨੂੰ ਸਜਾਵਾਂ ਦਿਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਵਿਅਕਤੀ ਨੂੰ ਬਰੀ ਹੋਣ ਤੋਂ ਬਾਅਦ ਨਵੇਂ ਸਿਰੇ ਤੋਂ ਜਾਂਚ ਕਰਵਾ ਕੇ ਸਜਾ ਕਰਵਾਈ ਗਈ ਹੋਵੇ।
ਉਹਨਾਂ ਕਿਹਾ ਕਿ ਹੁਣ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸਭ ਤੋਂ ਪਹਿਲਾਂ ਸਿੱਖ ਕਤਲੇਆਮ ਪੀੜਿਤਾਂ ਨੂੰ ਰਾਹਤ ਦਿੰਦਿਆਂ ਉਹਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਵੀ ਐਲਾਨ ਕੀਤਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਰਹਿੰਦੇ ਸਿੱਖ ਕਤਲੇਆਮ ਪੀੜਿਤਾਂ ਦੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਕਿਸ ਮੈਂਬਰ ਨੂੰ ਨੌਕਰੀ ਮਿਲੇਗੀ ਇਸਦਾ ਫੈਸਲਾ ਵੀ ਪਰਿਵਾਰ ਵੱਲੋਂ ਹੀ ਕੀਤਾ ਜਾਵੇਗਾ।