ਸੰਗਰੂਰ, 26 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੂੰ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ (ਐਸ.ਆਈ.ਆਰ.) ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਵਿੱਚ ਲਾਭ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਸਮਰਥਕਾਂ ਦੀਆਂ ਵੋਟਾਂ ਕਟਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੇ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲਿਆਂਦਾ ਹੈ ਅਤੇ ਪਾਰਟੀ ਵਰਕਰਾਂ ਨੂੰ ਇਨ੍ਹਾਂ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ।
ਸੰਗਰੂਰ ਵਿੱਚ ਪਾਰਟੀ ਵਾਲੰਟੀਅਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 25 ਜੂਨ ਤੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ ਦੇ ਹਮਾਇਤੀਆਂ ਦੀਆਂ ਵੋਟਾਂ ਕਟਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਵਾਲੰਟੀਅਰ ਦੀ ਜ਼ਿੰਮੇਵਾਰੀ ਹੈ ਕਿ ਉਹ ਯਕੀਨੀ ਬਣਾਏ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਨਾ ਕੱਟੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਸੰਭਾਲਣ ਤੋਂ ਬਾਅਦ ਕਈ ਇਤਿਹਾਸਕ ਅਤੇ ਲੋਕ-ਹਿਤੈਸ਼ੀ ਫ਼ੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ 15 ਜੁਲਾਈ ਤੱਕ ਸੂਬੇ ਭਰ ਵਿੱਚ ਕਰੀਬ 3,100 ਖੇਡ ਮੈਦਾਨ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੜਾਈ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਗੱਠਜੋੜ ਨਾਲ ਹੈ, ਜਿਨ੍ਹਾਂ ਦਾ ਇਕੋ-ਇੱਕ ਮਕਸਦ ਸੱਤਾ ਹਾਸਲ ਕਰਨਾ ਅਤੇ ਪੰਜਾਬ ਨੂੰ ਲੁੱਟਣਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਵਿਰੋਧੀ ਧਿਰ ਦਾ ਡਟ ਕੇ ਮੁਕਾਬਲਾ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਝੂਠੀਆਂ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਖਰਚਿਆਂ ਵਿੱਚ ਵੱਡੀ ਕਮੀ ਆਈ ਹੈ, ਜਿਸ ਕਾਰਨ ਵਿਰੋਧੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਹਰ ਰੋਜ਼ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਕਰੀਬ 44 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਤੇਜ਼ੀ ਨਾਲ ਜਾਰੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀਆਂ ਓਵਰਹੈੱਡ ਤਾਰਾਂ ਦੀ ਥਾਂ ਅੰਡਰਗਰਾਊਂਡ ਬਿਜਲੀ ਪ੍ਰਣਾਲੀ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਵੱਡੀ ਜਿੱਤ ਦਿਵਾਏਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਅਗਲੀਆਂ ਚੋਣਾਂ ਵਿੱਚ 100 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਉਤਰ ਕੇ ਪਾਰਟੀ ਨੂੰ ਹੋਰ ਵੱਡੇ ਬਹੁਮਤ ਨਾਲ ਮੁੜ ਸੱਤਾ ਵਿੱਚ ਲਿਆਉਣ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਐਸਆਈਆਰ ਦੌਰਾਨ ਭਾਜਪਾ ਆਮ ਆਦਮੀ ਪਾਰਟੀ ਸਮਰਥਕਾਂ ਦੀਆਂ ਵੋਟਾਂ ਕਟਵਾਉਣ ਦੀ ਕੋਸ਼ਿਸ਼ ਕਰ ਸਕਦੀ ਹੈ ਹਰ ਵਾਲੰਟੀਅਰ ਰਹੇ ਚੌਕਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ
