ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ, 11 ਨਵੰਬਰ):- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਵਾਂਸ਼ਹਿਰ ਹਲਕਾ ਇੰਚਾਰਜ ਰੋਬੀ ਕੰਗ ਨੇ ਭਾਜਪਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਭਾਜਪਾ ਆਪਣੀ ਨਾਕਾਮੀ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਭੰਨਣਾ ਬੰਦ ਕਰੇ।
ਰੋਬੀ ਕੰਗ ਨੇ ਕਿਹਾ ਕਿ ਦੀਵਾਲੀ ਦੀ ਰਾਤ ਦਿੱਲੀ ਵਿੱਚ ਪਟਾਕਿਆਂ ਕਾਰਨ ਵਧੇ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਬਚਣ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਨਿਭਾਏ।
ਉਨ੍ਹਾਂ ਕਿਹਾ ਕਿ ਹਰ ਸਾਲ ਪ੍ਰਦੂਸ਼ਣ ਵਧਣ ’ਤੇ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾ ਕੇ ਆਪਣਾ ਪੱਲਾ ਝਾੜ ਲੈਂਦੀ ਹੈ, ਜਦਕਿ ਦਿੱਲੀ ਦੇ ਆਪਣੇ ਪ੍ਰਦੂਸ਼ਣ ਦੇ ਕਾਰਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਬਦਨਾਮ ਕਰਨਾ ਬੰਦ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦਿੱਲੀ ਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ।
