ਚੰਡੀਗੜ੍ਹ (ਜਗਮੀਤ ਘੁੰਮਣ):- ਕਾਂਗਰਸ ਆਗੂ ਸੋਨੀਆ ਗਾਂਧੀ ਵੱਲੋਂ ਆਪਣੀ ਸਵੈ-ਜੀਵਨੀ ਵਿੱਚ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਇੱਕ ਦੁਖਦਾਈ ਅਤੇ ਸ਼ਰਮਨਾਕ ਅਧਿਆਇ ਕਰਾਰ ਦਿੱਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਵਿਸ਼ਵ ਮਾਮਲਿਆਂ ਅਤੇ ਭੂ-ਰਾਜਨੀਤੀ ਦੇ ਮਾਹਿਰ ਡਾ. ਜਗਵਿੰਦਰ ਸਿੰਘ ਵਿਰਕ ਨੇ ਕਿਹਾ ਕਿ 1984 ਵਿੱਚ ਜੋ ਕੁਝ ਹੋਇਆ, ਉਹ ਮਹਿਜ਼ ਦੰਗੇ ਨਹੀਂ ਸਨ, ਸਗੋਂ ਸਿੱਖ ਭਾਈਚਾਰੇ ਵਿਰੁੱਧ ਕੀਤਾ ਗਿਆ ਕਤਲੇਆਮ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਸ਼ਰਮਨਾਕ ਮੰਨ ਲੈਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਸ ਸਮੇਂ ਦੇ ਸਿਆਸੀ ਆਗੂਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਉਨ੍ਹਾਂ ਨੇ ਤਤਕਾਲੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਅਣਦੇਖੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਭੂਮਿਕਾ 'ਤੇ ਵੀ ਸਵਾਲ ਉਠਾਏ।
ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਗੱਲ ਕਰਦਿਆਂ ਡਾ. ਵਿਰਕ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਸੱਤਾ ਅਤੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਦਿੱਲੀ ਦਾ ਦਖ਼ਲ ਲਗਾਤਾਰ ਵਧ ਰਿਹਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਕੋਲ ਲੋੜੀਂਦੇ ਅਧਿਕਾਰ ਨਹੀਂ ਹਨ। ਉਨ੍ਹਾਂ ਅਨੁਸਾਰ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਕਿਸਾਨਾਂ ਦੀ ਆਰਥਿਕ ਬਦਹਾਲੀ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਇਨ ਪੰਜਾਬ ਸਾਹਮਣੇ ਵੱਡੀਆਂ ਚੁਣੌਤੀਆਂ ਹਨ।
ਭਾਰਤੀ ਜਨਤਾ ਪਾਰਟੀ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਡਾ. ਵਿਰਕ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਕੋਲ ਆਪਣੀ ਵੱਖਰੀ ਸਿਆਸੀ ਪਛਾਣ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਹਾਲਾਂਕਿ, ਇਸ ਲਈ ਪਾਰਟੀ ਨੂੰ ਸਿਰਫ਼ ਚੋਣ ਰਣਨੀਤੀ ਤੱਕ ਸੀਮਤ ਰਹਿਣ ਦੀ ਬਜਾਏ ਸੂਬੇ ਦੇ ਬੁਨਿਆਦੀ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਪੈਣਗੇ। ਸਿੱਖ ਬੰਦੀਆਂ ਦੀ ਰਿਹਾਈ, ਨਸ਼ਿਆਂ 'ਤੇ ਪ੍ਰਭਾਵਸ਼ਾਲੀ ਕਾਬੂ, ਬੇਰੁਜ਼ਗਾਰੀ ਦਾ ਖਾਤਮਾ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਰਗੇ ਮੁੱਦਿਆਂ ਨੂੰ ਤਰਜੀਹ ਦੇਣੀ ਹੋਵੇਗੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਨੂੰ ਸੂਬੇ ਵਿੱਚ ਇੱਕ ਮਜ਼ਬੂਤ ਅਤੇ ਲੋਕਪ੍ਰਿਯ ਸਥਾਨਕ ਮੁੱਖ ਮੰਤਰੀ ਦੇ ਚਿਹਰੇ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਪਾਰਟੀ ਦੀ ਵਿਚਾਰਧਾਰਾ ਅਤੇ ਸੰਗਠਨ ਦੇ ਨਾਲ-ਨਾਲ ਲੀਡਰਸ਼ਿਪ ਦਾ ਚਿਹਰਾ ਵੀ ਬਹੁਤ ਮਹੱਤਵ ਰੱਖਦਾ ਹੈ।
ਡਾ. ਵਿਰਕ ਨੇ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਨੂੰ ਵੀ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣੇ ਹੋਣਗੇ, ਤਾਂ ਜੋ ਉਨ੍ਹਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਰੁਖ਼ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦਾ ਭਵਿੱਖ ਇਤਿਹਾਸਕ ਜਵਾਬਦੇਹੀ, ਵਿਕਾਸ, ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਮਜ਼ਬੂਤ ਸਥਾਨਕ ਲੀਡਰਸ਼ਿਪ ਵਰਗੇ ਅਹਿਮ ਮੁੱਦਿਆਂ 'ਤੇ ਨਿਰਭਰ ਕਰੇਗਾ। ਜੇਕਰ ਭਾਜਪਾ ਸੂਬੇ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਵਜੋਂ ਉੱਭਰਨਾ ਚਾਹੁੰਦੀ ਹੈ, ਤਾਂ ਉਸ ਨੂੰ ਲੋਕਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ 'ਤੇ ਠੋਸ ਕੰਮ ਕਰਕੇ ਉਨ੍ਹਾਂ ਦਾ ਭਰੋਸਾ ਜਿੱਤਣਾ ਹੋਵੇਗਾ।
