ਚੰਡੀਗੜ੍ਹ, 24 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪੰਜਾਬ ਦੇ ਹਿੱਤ ਵਿੱਚ ਚੁੱਕਿਆ ਗਿਆ ਅਹਿਮ ਕਦਮ ਦੱਸਦਿਆਂ ਕਿਹਾ ਕਿ ਇਹ ਗੱਠਜੋੜ ਸੂਬੇ ਨੂੰ ਮਜ਼ਬੂਤੀ ਦੇਣ, ਨਵੀਂ ਦਿਸ਼ਾ ਪ੍ਰਦਾਨ ਕਰਨ ਅਤੇ ਲੋਕਾਂ ਦੇ ਸਨਮਾਨ ਦੀ ਰੱਖਿਆ ਕਰਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਗੱਠਜੋੜ ਨਹੀਂ, ਸਗੋਂ ਦਿਲਾਂ ਦਾ ਗੱਠਜੋੜ ਅਤੇ ਕੁਦਰਤੀ ਸਾਂਝੇਦਾਰੀ ਹੈ। ਇਸ ਦਾ ਉਦੇਸ਼ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਲਿਜਾਣਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਹਰਿਆਣਾ ਅਤੇ ਦੇਸ਼ ਵਾਸੀਆਂ, ਖ਼ਾਸ ਕਰਕੇ ਪੰਜਾਬ ਦੀ ਸੰਗਤ ਅਤੇ ਸੂਬਾ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸੇਵਾ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਏਕਤਾ ਅਤੇ ਸਦਭਾਵਨਾ ਦੇ ਮਾਰਗ 'ਤੇ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਗੱਠਜੋੜ ਦੀ ਪਹਿਲ ਕੀਤੀ ਹੈ, ਜਿਸ ਲਈ ਉਹ ਵਧਾਈਯੋਗ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਸਮੇਂ ਤੋਂ ਭਾਜਪਾ ਅਤੇ ਅਕਾਲੀ ਦਲ ਦਰਮਿਆਨ ਚੱਲੇ ਆ ਰਹੇ ਸਬੰਧਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਵਧਾ ਰਹੇ ਹਨ। ਇਹ ਗੱਠਜੋੜ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ, ਕਿਸਾਨਾਂ ਨੂੰ ਸਨਮਾਨ ਦੇਣ, ਮਹਿਲਾਵਾਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕਰੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਸੂਬੇ ਨੂੰ ਮਜ਼ਬੂਤ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ।
