ਰਤੀਆ, 13 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਹਰਿਆਣਾ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਸਾਬਕਾ ਵਿਧਾਇਕ ਲਕਸ਼ਮਣ ਨਾਪਾ ਦੇ ਜੱਲੋਪੁਰ ਸਥਿਤ ਨਿਵਾਸ ’ਤੇ ਪਹੁੰਚੇ। ਇਸ ਮੌਕੇ ਲਕਸ਼ਮਣ ਨਾਪਾ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਮੌਜੂਦ ਭਾਜਪਾ ਵਰਕਰਾਂ ਨਾਲ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਸੂਬਾ ਪ੍ਰਧਾਨ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ।
ਇਸ ਦੌਰਾਨ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ, ਆਪਸੀ ਏਕਤਾ ਅਤੇ ਲੋਕ ਸੇਵਾ ਦੇ ਸੰਕਲਪ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਰਤੀਆ, ਫਤਿਹਾਬਾਦ ਅਤੇ ਟੋਹਾਣਾ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਦਾ ਕਮਲ ਖਿੜਾਉਣ ਦੇ ਟੀਚੇ ਨਾਲ ਪੂਰੀ ਊਰਜਾ ਅਤੇ ਸਮਰਪਣ ਨਾਲ ਜੁਟਣ ਦਾ ਸੁਨੇਹਾ ਦਿੱਤਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਜਵਾਬ ਭਾਜਪਾ ਵਰਕਰ ਤੱਥਾਂ, ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਰਾਹੀਂ ਦੇਣ। ਵਰਕਰ ਘਰ-ਘਰ ਜਾ ਕੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ।
ਸਾਬਕਾ ਵਿਧਾਇਕ ਲਕਸ਼ਮਣ ਨਾਪਾ ਨੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਰਗਦਰਸ਼ਨ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦਾ ਦ੍ਰਿਸ਼ਟੀਕੋਣ ਹਰ ਵਰਕਰ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਹੇਠ ਭਾਜਪਾ ਵਰਕਰ ਪੂਰੀ ਨਿਸ਼ਠਾ ਨਾਲ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਇਸ ਦੇ ਨਾਲ ਹੀ ਬੂਥ ਪੱਧਰ ਤੱਕ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਏਕਤਾ, ਜਥੇਬੰਦੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਦਾ ਸੰਕਲਪ ਹੀ ਭਾਜਪਾ ਦੀ ਅਸਲ ਤਾਕਤ ਹੈ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਜੋੜਾ, ਸੂਬਾ ਜਨਰਲ ਸਕੱਤਰ ਵੇਦ ਫੁਲਾਂ, ਇਲਾਕੇ ਦੇ ਸਰਪੰਚ ਸਾਹਿਬਾਨ, ਚੇਅਰਮੈਨ, ਭਾਜਪਾ ਦੇ ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
