ਰਤੀਆ, 13 ਨਵੰਬਰ (ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ):- ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਰਤੀਆ ਦੌਰੇ ਦੌਰਾਨ ਰੈਸਟ ਹਾਊਸ ਵਿਖੇ ਭਾਜਪਾ ਦੇ ਸੀਨੀਅਰ ਮੈਂਬਰ ਅਤੇ ਸਰਵ ਸਮਾਜ ਸਭਾ ਰਤੀਆ ਦੇ ਪ੍ਰਧਾਨ ਸਤਪਾਲ ਜਿੰਦਲ ਨੂੰ ਸ਼ਾਲ ਅਤੇ ਸਨਮਾਨ-ਪੱਤਰ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਮੈਂਬਰ ਕਾਲੂਰਾਮ ਓਡ ਨੂੰ ਵੀ ਸਨਮਾਨਿਤ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਭਾਜਪਾ ਦੇ ਜਨਰਲ ਸਕੱਤਰ ਵੇਦ ਫੂਲਾ ਨੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੂੰ ਸਤਪਾਲ ਜਿੰਦਲ ਦੇ ਜਥੇਬੰਦਕ ਯੋਗਦਾਨ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਹ ਰਤੀਆ ਵਿੱਚ ਭਾਜਪਾ ਦੇ ਸਭ ਤੋਂ ਪੁਰਾਣੇ ਅਤੇ ਸਮਰਪਿਤ ਮੈਂਬਰਾਂ ਵਿੱਚੋਂ ਇੱਕ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ।

ਇਸ ਮੌਕੇ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਸੀਨੀਅਰ ਵਰਕਰਾਂ ਦਾ ਤਜਰਬਾ, ਸਮਰਪਣ ਅਤੇ ਮਾਰਗਦਰਸ਼ਨ ਜਥੇਬੰਦੀ ਦੀ ਅਹਿਮ ਪੂੰਜੀ ਹੈ। ਸੀਨੀਅਰ ਮੈਂਬਰਾਂ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਜਥੇਬੰਦੀ ਨਾਲ ਜੁੜ ਕੇ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਜਥੇਬੰਦੀ ਦੀ ਪਰੰਪਰਾ ਦਾ ਹਿੱਸਾ ਹੈ।

ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਸਤਪਾਲ ਜਿੰਦਲ ਨੇ ਸੂਬਾ ਪ੍ਰਧਾਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਨ-ਮਨ-ਧਨ ਨਾਲ ਪਾਰਟੀ ਦੇ ਸਮਰਪਿਤ ਸਿਪਾਹੀ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਉਨ੍ਹਾਂ ਦਾ ਉਤਸ਼ਾਹ ਵਧਿਆ ਹੈ ਅਤੇ ਇਸ ਦੇ ਨਾਲ ਹੀ ਜਥੇਬੰਦੀ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਹੋਰ ਵਧ ਗਈ ਹੈ।

ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।