ਨਵਾਂਸ਼ਹਿਰ, 5 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਪਾਰਟੀ ਦੇ ਮਿਹਨਤੀ, ਸਮਰਪਿਤ ਅਤੇ ਸਰਗਰਮ ਨੌਜਵਾਨ ਆਗੂ ਸੂਸ਼ਾਂਤ ਜਸਵਾਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਕੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ।
ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਸੂਸ਼ਾਂਤ ਜਸਵਾਲ ਦੀ ਨਿਯੁਕਤੀ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਮਿਹਨਤ, ਲਗਨ ਅਤੇ ਸਮਰਪਣ ਦੀ ਜਿੱਤ ਹੈ। ਉਹ ਲੰਬੇ ਸਮੇਂ ਤੋਂ ਬਿਨਾਂ ਕਿਸੇ ਅਹੁਦੇ ਦੀ ਲਾਲਸਾ ਦੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਲਈ ਕੰਮ ਕਰਦੇ ਆ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਮਿਲਦਾ ਹੈ। ਸੂਸ਼ਾਂਤ ਜਸਵਾਲ ਨੇ ਹਰ ਮੋਰਚੇ 'ਤੇ ਪਾਰਟੀ ਲਈ ਤਨ-ਮਨ ਨਾਲ ਕੰਮ ਕੀਤਾ ਹੈ। ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ, ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਰਹਿਣ ਅਤੇ ਸੰਗਠਨ ਦੇ ਵਿਸਥਾਰ ਲਈ ਉਨ੍ਹਾਂ ਦੇ ਯਤਨ ਸੱਚਮੁੱਚ ਸ਼ਲਾਘਾਯੋਗ ਹਨ।
ਪੰਕਜ ਕੁਮਾਰ ਨੇ ਕਿਹਾ ਕਿ ਯੁਵਾ ਮੋਰਚਾ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਅੱਜ ਦਾ ਨੌਜਵਾਨ ਹੀ ਕੱਲ੍ਹ ਦਾ ਆਗੂ ਹੈ। ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਦੇਸ਼ ਸੇਵਾ ਅਤੇ ਸਮਾਜ ਸੇਵਾ ਨਾਲ ਜੋੜਿਆ ਜਾਵੇ। ਸੂਸ਼ਾਂਤ ਜਸਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਯੁਵਾ ਮੋਰਚਾ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣਗੀਆਂ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੂਸ਼ਾਂਤ ਜਸਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨਗੇ ਅਤੇ ਪਾਰਟੀ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਣਗੇ।
ਨਵੀਂ ਜ਼ਿੰਮੇਵਾਰੀ ਮਿਲਣ 'ਤੇ ਸੂਸ਼ਾਂਤ ਜਸਵਾਲ ਨੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਵਿਸ਼ਵਾਸ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿੱਖਿਆ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ।
ਅੰਤ ਵਿੱਚ ਪੰਕਜ ਕੁਮਾਰ ਨੇ ਸੂਸ਼ਾਂਤ ਜਸਵਾਲ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
