ਨਵਾਂਸ਼ਹਿਰ, 15 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਪੀਸੀਐਸ ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ, ਬੇਨਿਯਮੀਆਂ ਅਤੇ ਧਾਂਦਲੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੰਡੀਗੜ੍ਹ ਚੌਕ, ਨਵਾਂਸ਼ਹਿਰ ਵਿਖੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੀ ਅਗਵਾਈ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪੰਕਜ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿੱਚ ਪੀਸੀਐਸ ਵਰਗੀ ਮਹੱਤਵਪੂਰਨ ਪ੍ਰੀਖਿਆ ਦੀ ਭਰਤੀ ਪ੍ਰਕਿਰਿਆ ਉੱਤੇ ਕਥਿਤ ਘਪਲੇ ਅਤੇ ਬੇਨਿਯਮੀਆਂ ਦੇ ਦੋਸ਼ ਲੱਗਣਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਨੌਜਵਾਨ ਸਾਲਾਂ ਤੱਕ ਦਿਨ-ਰਾਤ ਮਿਹਨਤ ਕਰਕੇ ਅਜਿਹੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਜੇਕਰ ਭਰਤੀ ਪ੍ਰਕਿਰਿਆ ਵਿੱਚ ਹੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਤਾਂ ਇਹ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਵੱਡਾ ਮਸਲਾ ਬਣ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਰੁਜ਼ਗਾਰ ਦੇਣ ਦੇ ਵਾਅਦੇ ਕਰਨ ਤੱਕ ਸੀਮਤ ਨਾ ਰਹੇ, ਸਗੋਂ ਭਰਤੀ ਪ੍ਰਕਿਰਿਆ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੂਰਾ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਏ। ਪੀਸੀਐਸ ਭਰਤੀ ਪ੍ਰਕਿਰਿਆ ਵਿੱਚ ਸਾਹਮਣੇ ਆ ਰਹੇ ਕਥਿਤ ਘਪਲੇ ਦੇ ਦੋਸ਼ਾਂ ਬਾਰੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਨਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਸੱਚਾਈ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
ਪੰਕਜ ਕੁਮਾਰ ਨੇ ਮੰਗ ਕੀਤੀ ਕਿ ਪੀਸੀਐਸ ਪ੍ਰੀਖਿਆ ਅਤੇ ਭਰਤੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਧਾਂਦਲੀਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਜਾਂਚ ਦੌਰਾਨ ਜੇਕਰ ਕੋਈ ਵੀ ਅਧਿਕਾਰੀ ਜਾਂ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ, ਹੱਕਾਂ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਯੁਵਾ ਮੋਰਚਾ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਰਹੇਗਾ ਅਤੇ ਜਦੋਂ ਤੱਕ ਇਸ ਮਾਮਲੇ ਦੀ ਸੱਚਾਈ ਸਾਹਮਣੇ ਨਹੀਂ ਆਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਜਤਿੰਦਰ ਸਿੰਘ ਸੈਣੀ, ਨਿਰਮਲ ਰਾਜਪੂਤ (ਜ਼ਿਲ੍ਹਾ ਜਨਰਲ ਸਕੱਤਰ), ਸੁਸ਼ਾਂਤ ਰਾਣਾ (ਜ਼ਿਲ੍ਹਾ ਵਾਈਸ ਪ੍ਰਧਾਨ), ਚਾਂਦ ਚਪਰੌਤਰਾ (ਜ਼ਿਲ੍ਹਾ ਸਕੱਤਰ), ਕੁਲਵਿੰਦਰ ਸਿੰਘ, ਪ੍ਰਦੀਪ ਧਵਨ (ਜ਼ਿਲ੍ਹਾ ਸਕੱਤਰ), ਜੱਸੀ ਮਹਾਲੋਂ, ਸਮੀਰ ਅੰਗਰੋਵਰ ਸਮੇਤ ਯੁਵਾ ਮੋਰਚਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
