ਪਟਿਆਲਾ, 06 ਸਤੰਬਰ:- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪੱਧਰੀ ਪੱਕੇ ਮੋਰਚੇ ਦੇ ਅੱਠਵੇਂ ਦਿਨ ਦੇਸ਼ ਪੱਧਰ 'ਤੇ ਵਿਸ਼ਾਲ ਕਿਸਾਨ ਏਕਤਾ ਉਸਾਰਨ ਦੀ ਗੱਲ ਜ਼ੋਰਦਾਰ ਢੰਗ ਨਾਲ ਪੇਸ਼ ਕੀਤੀ ਗਈ। ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ ਨੇ ਬੋਲਦਿਆਂ ਦੱਸਿਆ ਕਿ ਬੀਤੇ ਕੱਲ੍ਹ ਜਥੇਬੰਦੀ ਵੱਲੋਂ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਜ਼ਿਲ੍ਹਾ ਸਕੱਤਰੇਤਾਂ, ਪੁਲਿਸ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਅਤੇ ਬੈਂਕਾਂ ਦੇ ਘਿਰਾਓ ਕੀਤੇ ਗਏ। ਇਹ ਘਿਰਾਓ 13 ਸੂਤਰੀ ਮੰਗ ਪੱਤਰ ਅਨੁਸਾਰ ਕਿਸਾਨਾਂ-ਮਜ਼ਦੂਰਾਂ 'ਤੇ ਸੰਘਰਸ਼ ਦੌਰਾਨ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਉਣ, ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਅਤੇ ਬਿਜਲੀ ਸਪਲਾਈ ਦੀ ਸਮੱਸਿਆ ਦੇ ਹੱਲ ਲਈ ਕੀਤੇ ਗਏ।
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਕੋਅਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਦਾ ਚਾਰ ਘੰਟੇ ਦਾ ਸੰਕੇਤਕ ਘਿਰਾਓ ਕੀਤਾ ਗਿਆ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਰੱਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕਰਜ਼ਿਆਂ ਬਾਰੇ ਕੋਈ ਸੰਤੋਸ਼ਜਨਕ ਗੱਲ ਨਾ ਕੀਤੀ ਗਈ ਤਾਂ ਬੈਂਕ ਅੱਗੇ ਅਣਮਿੱਥੇ ਸਮੇਂ ਦਾ ਘਿਰਾਓ ਕੀਤਾ ਜਾਵੇਗਾ।
ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਅਗਲੇ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਹੋਰਨਾਂ ਜਥੇਬੰਦੀਆਂ ਵੱਲੋਂ ਚੱਲ ਰਹੇ ਮੋਰਚਿਆਂ ਵਿੱਚ ਏਕਤਾ 'ਤੇ ਬੋਲਦਿਆਂ ਪਾਣੀਆਂ ਦੇ ਮਸਲੇ 'ਤੇ ਜਥੇਬੰਦੀ ਦੀ ਨੀਤੀ ਸਪੱਸ਼ਟ ਕੀਤੀ ਅਤੇ ਸਿਆਸੀ ਪਾਰਟੀਆਂ ਦੀਆਂ ਚਾਲਾਂ ਦਾ ਜ਼ਿਕਰ ਕੀਤਾ। ਜ਼ਿਲ੍ਹਾ ਸੰਗਠਨ ਸਕੱਤਰ ਬਲਰਾਜ ਜੋਸ਼ੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਹਰਿਆਣਾ ਅਤੇ ਹੋਰਨਾਂ ਸੂਬਿਆਂ ਨਾਲ ਬਣੀ ਏਕਤਾ ਦੀ ਸਾਂਝ ਨੂੰ ਕਾਇਮ ਰੱਖਣਾ ਚਾਹੀਦਾ ਹੈ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਤਲਵਿੰਦਰ ਸਿੰਘ ਖਰੌੜ, ਜ਼ਿਲ੍ਹਾ ਵਿੱਤ ਸਕੱਤਰ ਜਗਮੇਲ ਸਿੰਘ ਗਾਜੇਵਾਸ, ਅਵਤਾਰ ਸਿੰਘ ਫੱਗਣਮਾਜਰਾ, ਭਰਪੂਰ ਸਿੰਘ ਗਾਜੇਵਾਸ ਆਦਿ ਆਗੂ ਵੀ ਹਾਜ਼ਰ ਸਨ।
ਭਾਕਿਯੂ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਜਾਰੀ ਵੱਖਵੱਖ ਫੋਰਮਾਂ ਦੁਆਰਾ ਕੀਤੇ ਜਾ ਰਹੇ ਸੰਘਰਸ਼ਾਂ ਵਿੱਚ ਏਕਤਾ ਬਣਾਈ ਰੱਖਣ ਵੱਲ ਦਿੱਤਾ ਜ਼ੋਰ
