ਬਲਾਚੌਰ, 10 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਬਲਾਚੌਰ ਸ਼ਹਿਰ ਵਿਖੇ ਬਾਬਾ ਵਿਸ਼ਵਕਰਮਾ ਜੀ ਮਹਾਰਾਜ, ਬਾਬਾ ਬਲਰਾਜ ਜੀ ਅਤੇ ਧੰਨ-ਧੰਨ ਸਵਾਮੀ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ, ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਨੇਕ ਉਪਰਾਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਓਬੀਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੈਂਪਾਂ ਦਾ ਉਦਘਾਟਨ ਕੀਤਾ। ਦੋਵਾਂ ਆਗੂਆਂ ਨੇ ਖੂਨਦਾਨੀਆਂ ਨੂੰ ਸਨਮਾਨਿਤ ਕਰਦਿਆਂ ਨੌਜਵਾਨਾਂ ਨੂੰ ਅੱਗੇ ਆ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ।
ਇਸ ਮੌਕੇ ਹਾਜ਼ਰੀ ਭਰ ਕੇ ਇਸ ਨੇਕ ਉਪਰਾਲੇ ਦਾ ਹਿੱਸਾ ਬਣਨ ਵਾਲਿਆਂ ਨੇ ਵਧੀਆ ਅਤੇ ਸੁਚੱਜੇ ਪ੍ਰਬੰਧ ਕਰਨ ਲਈ ਸਮੁੱਚੀ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਖਾਂ ਦੇ ਮੁਫ਼ਤ ਚੈੱਕਅੱਪ ਅਤੇ ਮੈਡੀਕਲ ਕੈਂਪਾਂ ਨਾਲ ਵੱਡੀ ਗਿਣਤੀ ਵਿੱਚ ਲੋੜਵੰਦ ਲੋਕਾਂ ਨੂੰ ਲਾਭ ਮਿਲਿਆ ਹੈ।
ਅੰਤ ਵਿੱਚ ਆਗੂਆਂ ਨੇ ਖੂਨਦਾਨ ਮਹਾਂਦਾਨ ਦੀ ਮਹਾਨ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਸਮੂਹ ਖੂਨਦਾਨੀ ਸਾਥੀਆਂ ਦਾ ਵੀ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨੇਕ ਉਪਰਾਲਾ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਨੂੰ ਤੰਦਰੁਸਤੀ ਬਖ਼ਸ਼ੇ ਅਤੇ ਅਜਿਹੇ ਸਮਾਜ ਸੇਵਾ ਦੇ ਕਾਰਜ ਨਿਰੰਤਰ ਜਾਰੀ ਰਹਿਣ।
