ਚੰਡੀਗੜ੍ਹ:- ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਫਰੰਟ ਦੇ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵਿਦਿਆਰਥੀਆਂ 'ਤੇ ਕੀਤਾ ਗਿਆ ਬਲ ਪ੍ਰਯੋਗ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ।
ਇਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਫਰੰਟ ਦੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਪਿਊਸ਼ ਦਵੇਸਰ ਨੇ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਦਿਆਰਥੀਆਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰੰਟ ਪੀੜਤ ਵਿਦਿਆਰਥੀਆਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਸੰਗਠਨ ਦੇ ਸੀਨੀਅਰ ਆਗੂ ਭੂਸ਼ਣ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਬਲ ਪ੍ਰਯੋਗ ਦੀ ਥਾਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਿਹੱਥੇ ਪ੍ਰਦਰਸ਼ਨਕਾਰੀਆਂ 'ਤੇ ਬਲ ਪ੍ਰਯੋਗ ਕਰਨ ਵਾਲੇ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਡਾ. ਰਾਜਕੁਮਾਰ ਢਕਾਲਾ ਨੇ ਮੰਗ ਕੀਤੀ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਜ਼ਖ਼ਮੀ ਵਿਦਿਆਰਥੀਆਂ ਲਈ ਮੁਆਵਜ਼ੇ ਦਾ ਐਲਾਨ ਕਰਨ ਅਤੇ CJP ਵੱਲੋਂ ਉਠਾਏ ਗਏ ਮੁੱਦਿਆਂ ਦਾ ਜਲਦ ਹੱਲ ਕਰਨ ਦੀ ਵੀ ਮੰਗ ਕੀਤੀ।
ਫਰੰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਦਿਆਰਥੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਗਠਨ ਪੰਜਾਬ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕਰੇਗਾ। ਇਸ ਦੇ ਨਾਲ ਹੀ ਫਰੰਟ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਦੁਹਰਾਈ।