ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਲਿਆਉਣ, ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣ ਨਾਲ ਖਰੀਦ ਪ੍ਰਕਿਰਿਆ ਤੇਜ਼ ਹੁੰਦੀ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨੂੰ ਵੀ ਸਹੂਲਤ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਦੀ ਪ੍ਰਕਿਰਿਆ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ ਕਾਰਜ ਸੁਚਾਰੂ ਰੱਖਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।

ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਮੰਡੀਆਂ ਵਿੱਚ 14 ਅਕਤੂਬਰ ਤੱਕ ਝੋਨੇ ਦੀ ਕੁੱਲ ਆਮਦ 1,36,770 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਇਸ ਵਿੱਚੋਂ 1,35,957 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,35,341 ਮੀਟ੍ਰਿਕ ਟਨ ਅਤੇ ਨਿੱਜੀ ਖਰੀਦਦਾਰਾਂ ਵੱਲੋਂ 616 ਮੀਟ੍ਰਿਕ ਟਨ ਝੋਨੇ ਦੀ ਖਰੀਦ ਸ਼ਾਮਲ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਹੁਣ ਤੱਕ 49,432 ਮੀਟ੍ਰਿਕ ਟਨ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਵਿੱਚ ਨਿਰਧਾਰਤ 48 ਘੰਟਿਆਂ ਦੀ ਮਿਆਦ ਅਨੁਸਾਰ 100 ਫ਼ੀਸਦੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ ਕਿਸਾਨਾਂ ਨੂੰ ਕੁੱਲ 291.31 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾਇਆ ਹੋਇਆ ਝੋਨਾ ਲਿਆਉਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦੀ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ।