ਹੁਸ਼ਿਆਰਪੁਰ:- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਅਗਲੇ 72 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਬਹੁਜਨ ਸਮਾਜ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਦਿਆਂ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਡਾ. ਅੰਬੇਡਕਰ ਦੇ ਸਨਮਾਨ ਵਿੱਚ ਬਸਪਾ ਵੱਲੋਂ 18 ਅਪ੍ਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ।
ਕਰੀਮਪੁਰੀ ਨੇ ਕਿਹਾ ਕਿ ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਨਾ ਤਾਂ ਪੰਜਾਬ ਦੀ 'ਆਪ' ਸਰਕਾਰ ਨੇ ਅਤੇ ਨਾ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਕੀਤੇ ਹਨ।ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਚੁੱਪ ਸਾਬਤ ਕਰਦੀ ਹੈ ਕਿ ਕੇਂਦਰ ਅਤੇ ਪੰਜਾਬ ਦੀਆਂ ਦੋਵੇਂ ਸਰਕਾਰਾਂ ਦੀ ਮਾਨਸਿਕਤਾ ਅੰਬੇਡਕਰ ਵਿਰੋਧੀ ਹੈ।
ਡਾ. ਕਰੀਮਪੁਰੀ ਨੇ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਮੌਜੂਦਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਹੈ, ਪੰਜਾਬ ਵਿੱਚ ਦਲਿਤਾਂ ਅਤੇ ਪਛੜੇ ਵਰਗਾਂ ਦੇ ਰਹਿਬਰਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਰ-ਬਾਰ ਬੁੱਤਾਂ ਦੀ ਬੇਅਦਬੀ ਹੋਣਾ ਕਿਸੇ ਡੂੰਘੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਜੋ ਸਮਾਜਿਕ ਭਾਈਚਾਰੇ ਨੂੰ ਭੰਗ ਕੀਤਾ ਜਾ ਸਕੇ।
ਕਰੀਮਪੁਰੀ ਨੇ ਕਿਹਾ 'ਆਪ' ਸਰਕਾਰ ਨੇ ਸਿਰਫ਼ ਵੋਟਾਂ ਲੈਣ ਲਈ ਬਾਬਾ ਸਾਹਿਬ ਦਾ ਨਾਂ ਵਰਤਿਆ ਹੈ, ਜਦਕਿ ਅਸਲ ਵਿੱਚ ਉਨ੍ਹਾਂ ਦੀ ਵਿਚਾਰਧਾਰਾ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹੁਣ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ, ਬਾਬਾ ਸਾਹਿਬ ਸਾਡੀ ਆਨ, ਬਾਨ ਅਤੇ ਸ਼ਾਨ ਹਨ। ਡਾ. ਕਰੀਮਪੁਰੀ ਨੇ ਸਮੂਹ ਨਿਆਂਪਸੰਦ ਲੋਕਾਂ ਅਤੇ ਬਸਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 18 ਅਪ੍ਰੈਲ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੇ ਲੋਕ-ਵਿਰੋਧੀ ਅਤੇ ਅੰਬੇਡਕਰ-ਵਿਰੋਧੀ ਚਿਹਰੇ ਨੂੰ ਨੰਗਾ ਕਰਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਬਾਬ 'ਚ ਕਰੀਮਪੁਰੀ ਨੇ ਪੰਜਾਬ ਸਰਕਾਰ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਮੁਲਾਜ਼ਮਾਂ ਦੇ 16 ਫੀਸਦੀ ਮਹਿੰਗਾਈ ਭੱਤੇ ਸਬੰਧੀ ਦਿੱਤੇ ਗਏ ਨਕਾਰਾਤਮਕ ਜਵਾਬ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਸਰਕਾਰ ਦਾ ਇਹ ਕਦਮ ਸੂਬੇ ਦੇ ਲੱਖਾਂ ਕਰਮਚਾਰੀਆਂ ਨਾਲ ਸਰਾਸਰ ਧੱਕਾ ਹੈ ਅਤੇ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕਰਦਾ ਹੈ। ਉਨਾਂ ਕਿ
ਹਾ ਅਦਾਲਤ ਵਿੱਚ ਇਹ ਕਹਿਣਾ ਕਿ ਖਜ਼ਾਨੇ ਵਿੱਚ ਪੈਸਾ ਨਹੀਂ ਹੈ ਅਤੇ ਨਿਕਟ ਭਵਿੱਖ ਵਿੱਚ ਡੀ.ਏ. ਦੇਣ ਦੀ ਕੋਈ ਯੋਜਨਾ ਨਹੀਂ ਹੈ, ਬੇਹੱਦ ਸ਼ਰਮਨਾਕ ਬਿਆਨ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਕੋਲ ਆਪਣੇ ਪ੍ਰਚਾਰ ਅਤੇ ਇਸ਼ਤਿਹਾਰਬਾਜ਼ੀ ਲਈ ਕਰੋੜਾਂ ਰੁਪਏ ਹਨ, ਤਾਂ ਦਿਨ-ਰਾਤ ਮਿਹਨਤ ਕਰਨ ਵਾਲੇ ਕਰਮਚਾਰੀਆਂ ਦੇ ਹੱਕਾਂ ਲਈ ਖਜ਼ਾਨਾ ਖਾਲੀ ਕਿਵੇਂ ਹੋ ਜਾਂਦਾ ਹੈ?
ਮੁਲਾਜ਼ਮਾਂ ਦੇ ਹੱਕਾਂ ਦੇ ਮੁੱਦੇ ਨੂੰ ਪਾਰਟੀ ਦੀ ਚੱਲ ਰਹੀ 'ਪੰਜਾਬ ਸੰਭਾਲੋ ਮੁਹਿੰਮ' ਨਾਲ ਜੋੜਦਿਆਂ ਕਰੀਮਪੁਰੀ ਨੇ ਕਿਹਾ ਅੱਜ ਪੰਜਾਬ ਦਾ ਹਰ ਵਰਗ ਇਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਖੀ ਹੈ।ਬਸਪਾ ਦੀ ਮੁਹਿੰਮ ਦਾ ਮੁੱਖ ਮਕਸਦ ਹੀ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਲੋਕ-ਮਾਰੂ ਸਰਕਾਰਾਂ ਤੋਂ ਨਿਜਾਤ ਦਿਵਾਉਣਾ ਹੈ। ਮੁਲਾਜ਼ਮ ਵਰਗ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ, ਅਤੇ ਜਦੋਂ ਰੀੜ੍ਹ ਦੀ ਹੱਡੀ ਹੀ ਕਮਜ਼ੋਰ ਕੀਤੀ ਜਾ ਰਹੀ ਹੋਵੇ, ਤਾਂ ਸੂਬੇ ਦਾ ਵਿਕਾਸ ਅਸੰਭਵ ਹੈ। ਪੰਜਾਬ ਸਰਕਾਰ ਤੁਰੰਤ ਮੁਲਾਜ਼ਮਾਂ ਦਾ ਰੋਕਿਆ ਹੋਇਆ 16% ਡੀ.ਏ. ਜਾਰੀ ਕਰੇ।
ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਚ ਡਾ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਬਸਪਾ ਦਾ ਹੱਲਾ ਬੋਲ 18 ਅਪ੍ਰੈਲ ਨੂੰ ਹੋਵੇਗੀ ਵਿਸ਼ਾਲ ਰੈਲੀ ਕਰੀਮਪੁਰੀ
