ਖਰੜ, 22 ਨਵੰਬਰ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਖਰੜ ਦੇ ਪਿੰਡ ਬਡਾਲੀ ਵਿਖੇ ਹਰਿਦੁਆਰ ਅਤੇ ਰਿਸ਼ੀਕੇਸ਼ ਦੀ ਪਵਿੱਤਰ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਸ. ਗੋਲਡੀ ਨੇ ਤੀਰਥ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਰਾਹੀਂ ਲੋਕ ਬਿਨਾਂ ਕਿਸੇ ਯਾਤਰਾ ਖਰਚੇ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਉਪਰਾਲੇ ਨਾਲ ਆਰਥਿਕ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਅਸਮਰੱਥ ਲੋਕਾਂ ਨੂੰ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਦਾ ਲਾਭ ਲੈ ਸਕਣ।

ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਸ. ਰਘਵੀਰ ਸਿੰਘ, ਜਸਵੀਰ ਸਿੰਘ ਸਾਬਕਾ ਐਮ.ਸੀ., ਜੁਝਾਰ ਸਿੰਘ, ਜਸਵੰਤ ਸਿੰਘ ਪੱਪਾ, ਜਸਵੀਰ ਰਾਜਾ ਬਡਾਲਾ, ਹਰਭਜਨ ਸਿੰਘ ਬਡਾਲੀ ਅਤੇ ਬਿੰਦਰ ਬਡਾਲੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।