ਪਟਿਆਲਾ, 17 ਅਪ੍ਰੈਲ - ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲ ਪਟੜੀ 'ਤੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਵੀ ਹੋਈ ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ 'ਤੇ ਬੈਠ ਗਏ। ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। 
ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਟਰੈਕ 'ਤੇ ਉਤਰ ਆਏ। ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟ੍ਰੇਨਾਂ ਰੱਦ ਕਰਨ ਅਤੇ ਕਈਆਂ ਦੇ ਰੂਟ ਬਦਲਣ ਦੀ ਵੀ ਖ਼ਬਰ ਹੈ। ਇਸੇ ਸਮੇਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ  ਕੇਂਦਰ ਸਰਕਾਰ ਵੱਲੋਂ ਟਰੈਕ ਜਾਮ ਕਰਨ ਲਈ ਮਜਬੂਰ ਕੀਤਾ ਗਿਆ ਹੈ|
 ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਤੇ ਹੋਰਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵੀ ਅਜਿਹੇ ਹੀ ਵਿਚਾਰ ਪ੍ਰਗਟ ਕੀਤੇ ਹਨ।