ਲਹਿਰਾਗਾਗਾ/ਸੰਗਰੂਰ, 20 ਜੁਲਾਈ:- ਨੀਟ-2026 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ 'ਤੇ 50ਵਾਂ, ਪੰਜਾਬ ਵਿੱਚ ਤੀਜਾ ਅਤੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਦਾ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ, ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਅਤੇ ਪਰਿਵਾਰਕ ਮੈਂਬਰਾਂ ਸਮੇਤ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਅਰਨਵ ਜਿੰਦਲ ਨੂੰ ਸਨਮਾਨਿਤ ਕਰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਸਮੁੱਚੇ ਲਹਿਰਾਗਾਗਾ ਹਲਕੇ ਅਤੇ ਜ਼ਿਲ੍ਹਾ ਸੰਗਰੂਰ ਲਈ ਮਾਣ ਅਤੇ ਫ਼ਖ਼ਰ ਦੀ ਗੱਲ ਹੈ ਕਿ ਇਲਾਕੇ ਦੇ ਇੱਕ ਹੋਣਹਾਰ ਵਿਦਿਆਰਥੀ ਨੇ ਦੇਸ਼ ਭਰ ਦੇ ਕਰੀਬ 23 ਲੱਖ ਵਿਦਿਆਰਥੀਆਂ ਵਿੱਚੋਂ ਆਲ ਇੰਡੀਆ ਪੱਧਰ 'ਤੇ 50ਵਾਂ ਸਥਾਨ ਹਾਸਲ ਕਰਕੇ ਪੰਜਾਬ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਨਵ ਜਿੰਦਲ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ ਅਤੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 850 ਤੋਂ ਵੱਧ ਵਿਦਿਆਰਥੀਆਂ ਨੇ ਵੀ ਨੀਟ ਪ੍ਰੀਖਿਆ ਪਾਸ ਕਰਕੇ ਨਵਾਂ ਇਤਿਹਾਸ ਰਚਿਆ ਹੈ, ਜੋ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਆਏ ਸਕਾਰਾਤਮਕ ਬਦਲਾਅ ਦਾ ਸਪੱਸ਼ਟ ਪ੍ਰਮਾਣ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਕਿਸਾਨਾਂ ਦੀ ਸਹੂਲਤ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ-ਪਿੰਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਵਿੱਚ ਪੜ੍ਹਨ ਦੀ ਰੁਚੀ ਵਧਾਉਣ ਲਈ ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਅਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵੀ ਵਿਕਾਸ, ਸੁਸ਼ਾਸਨ ਅਤੇ ਲੋਕ-ਭਲਾਈ ਦੇ ਮੁੱਦਿਆਂ ਦੇ ਆਧਾਰ 'ਤੇ ਲੜੇਗੀ।
ਇਸ ਮੌਕੇ ਅਰਨਵ ਜਿੰਦਲ ਦੇ ਪਿਤਾ ਅਸ਼ੋਕ ਜਿੰਦਲ ਅਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।