ਲਹਿਰਾਗਾਗਾ, 4 ਜੁਲਾਈ:- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਪੁੱਤਰ ਐਡਵੋਕੇਟ ਗੌਰਵ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ਲਾਘਾ ਕੀਤੀ। ਬਜ਼ੁਰਗਾਂ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇੱਕ ਮੁਫ਼ਤ ਧਾਰਮਿਕ ਯਾਤਰਾ ਸਕੀਮ ਹੈ, ਜਿਸ ਦਾ ਉਦੇਸ਼ ਪੰਜਾਬ ਦੇ ਲੋਕਾਂ, ਖ਼ਾਸ ਕਰਕੇ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਸਾਲ 2023 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਦਾ ਦਾਇਰਾ ਹੋਰ ਵਧਾਇਆ ਗਿਆ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਮੌਕਾ ਦਿੱਤਾ ਜਾਂਦਾ ਹੈ। ਆਰਥਿਕ ਤੌਰ ’ਤੇ ਕਮਜ਼ੋਰ ਲੋਕ ਵੀ ਇਸ ਯੋਜਨਾ ਦਾ ਲਾਭ ਉਠਾ ਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੋਜਨਾ ਦਾ ਮੁੱਖ ਮਕਸਦ ਰਾਜ ਦੀ ਸਾਂਝੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨਾ ਅਤੇ ਲੋਕਾਂ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਹੈ।
ਮੰਤਰੀ ਗੋਇਲ ਨੇ ਦੱਸਿਆ ਕਿ ਯਾਤਰਾ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਯਾਤਰੀਆਂ ਲਈ ਏ.ਸੀ. ਬੱਸਾਂ, ਰਿਹਾਇਸ਼, ਖਾਣ-ਪੀਣ ਅਤੇ ਮੁੱਢਲੀਆਂ ਡਾਕਟਰੀ ਸਹੂਲਤਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾਂਦੀਆਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ’ਤੇ ਵੰਡ ਕੇ ਸਿਆਸੀ ਲਾਭ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਜੇਕਰ ਵਿਰੋਧੀ ਪਾਰਟੀਆਂ ਆਪਣੇ ਅੰਦਰ ਏਕਤਾ ਕਾਇਮ ਨਹੀਂ ਰੱਖ ਸਕਦੀਆਂ ਤਾਂ ਉਹ ਸੂਬੇ ਦਾ ਵਿਕਾਸ ਵੀ ਨਹੀਂ ਕਰ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟ ਕਰਨਗੇ।
ਇਸ ਮੌਕੇ ਬੂਟਾ ਸਿੰਘ ਸਰਪੰਚ ਆਲਮਪੁਰ, ਮਨਜੀਤ ਸਿੰਘ, ਜੱਗੀ ਸਿੰਘ, ਕਾਕਾ ਸਿੰਘ ਅਲੀਸ਼ੇਰ, ਜਵੀਨ ਕੁਮਾਰ, ਬੱਬੂ ਸਰਪੰਚ ਗੁਰਨੇ ਕਲਾਂ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਰਤਨ ਸ਼ਰਮਾ, ਯੂਥ ਆਗੂ ਅਜੇ ਕੁਮਾਰ ਠੋਲੀ, ਮੇਘ ਰਾਜ, ਪ੍ਰਵੀਨ ਕੁਮਾਰ ਟਿੰਕਾ, ਓ.ਐੱਸ.ਡੀ. ਰਾਕੇਸ਼ ਕੁਮਾਰ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਲੰਟੀਅਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।