ਹੁਸ਼ਿਆਰਪੁਰ, 28 ਜੁਲਾਈ:- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਜੋਂ ਦੁਆਬਾ ਵਿਖੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਅਤੇ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਵਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਰੋਜ਼ਗਾਰ ਰਜਿਸਟ੍ਰੇਸ਼ਨ, ਕਰੀਅਰ ਕਾਊਂਸਲਿੰਗ, ਸਕਿੱਲ ਕੋਰਸਾਂ, ਪਲੇਸਮੈਂਟ ਸੇਵਾਵਾਂ, ਪੀ.ਜੀ.ਆਰ.ਕੇ.ਏ.ਐਮ. ਪੋਰਟਲ, ਨੈਸ਼ਨਲ ਕਰੀਅਰ ਸਰਵਿਸਿਜ਼ ਪੋਰਟਲ ਅਤੇ ਰੋਜ਼ਗਾਰ ਦਫ਼ਤਰ ਦੀ ਮੋਬਾਈਲ ਐਪ DBEE Online ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ DBEE Online ਐਪ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਘਰ ਬੈਠੇ ਹੀ ਨਿੱਜੀ ਅਤੇ ਸਰਕਾਰੀ ਨੌਕਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਕਰੀਅਰ ਲਈ ਹੁਣ ਤੋਂ ਹੀ ਯੋਜਨਾਬੱਧ ਤਿਆਰੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਸੀਨੀਅਰ ਸਹਾਇਕ ਮਨੋਹਰ ਲਾਲ ਨੇ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਰੋਜ਼ਗਾਰ ਰਜਿਸਟ੍ਰੇਸ਼ਨ ਕੀਤੀ ਅਤੇ ਉਨ੍ਹਾਂ ਨੂੰ ਮੈਨੂਅਲ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ।
ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਕੂਲ ਦੇ ਸਮੂਹ ਸਟਾਫ਼ ਅਤੇ 95 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਅੰਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਜੋਂ ਦੁਆਬਾ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕਰੀਅਰ ਮਾਰਗਦਰਸ਼ਨ ਸੈਮੀਨਾਰ ਕਰਵਾਉਣ ਦੀ ਅਪੀਲ ਕੀਤੀ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਜੋਂ ਦੁਆਬਾ ਵਿਖੇ ਕਰੀਅਰ ਗਾਈਡੈਂਸ ਅਤੇ ਰੋਜ਼ਗਾਰ ਰਜਿਸਟ੍ਰੇਸ਼ਨ ਪ੍ਰੋਗਰਾਮ ਆਯੋਜਿਤ
