ਬਲਾਚੌਰ, 3 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵੀ ਜਿੰਦਰ ਧੋਲ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਵਾਰ ਖੁਸ਼ੀਆਂ ਭਰੀ ਦਿਵਾਲੀ ਨੂੰ ਗ੍ਰੀਨ ਦਿਵਾਲੀ ਵਜੋਂ ਮਨਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਜਿੰਦਰ ਧੋਲ ਨੇ ਕਿਹਾ ਕਿ ਪਟਾਕਿਆਂ ਅਤੇ ਪ੍ਰਦੂਸ਼ਣ ਤੋਂ ਦੂਰ ਰਹਿ ਕੇ ਸਾਨੂੰ ਵਾਤਾਵਰਨ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰਾਂ ’ਤੇ ਸਾਨੂੰ ਨਸ਼ਾ ਮੁਕਤੀ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ, ਜੋ ਮਨੁੱਖ ਦੀ ਜ਼ਿੰਦਗੀ ਨੂੰ ਅੰਦਰੋਂ-ਅੰਦਰੀ ਖ਼ਤਮ ਕਰ ਦਿੰਦਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਸਾਨੂੰ ਆਪਸ ਵਿੱਚ ਰਲ-ਮਿਲ ਕੇ ਰਹਿਣ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦੇ ਹਨ। ਸਾਨੂੰ ਹਰ ਤਿਉਹਾਰ ਖੁਸ਼ੀ-ਖੁਸ਼ੀ ਅਤੇ ਆਪਸੀ ਪਿਆਰ ਨਾਲ ਮਨਾਉਣਾ ਚਾਹੀਦਾ ਹੈ।
