ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸੂਬੇ ਵਿੱਚ ਜਨਗਣਨਾ-2027 ਦੀ ਚੱਲ ਰਹੀ ਪ੍ਰਕਿਰਿਆ ਤਹਿਤ ਦੂਜੇ ਪੜਾਅ ਵਿੱਚ ਆਬਾਦੀ ਦੀ ਗਿਣਤੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤੀ ਜਾਵੇਗੀ। ਇਸ ਦੌਰਾਨ ਲੋਕ 16 ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖੁਦ ਦਰਜ ਕਰ ਸਕਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜਨਗਣਨਾ-2027 ਲਈ ਜ਼ਿਲ੍ਹੇ ਵਿੱਚ ਨਿਯੁਕਤ ਨੋਡਲ ਪ੍ਰਚਾਰ ਅਤੇ ਜਾਗਰੂਕਤਾ ਅਧਿਕਾਰੀ ਅਤੇ ਅੰਡਰ ਟ੍ਰੇਨਿੰਗ ਆਈਏਐਸ ਗੁਰਕੰਵਲ ਸਿੰਘ ਨੇ ਅੱਜ ਇੱਥੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖੁਦ ਵੇਰਵੇ ਦਰਜ ਕਰਵਾਉਣ (ਸੈਲਫ ਐਨਿਊਮਰੇਸ਼ਨ) ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਣੇ ਅਧੀਨ ਆਉਂਦੇ ਖੇਤਰਾਂ ਅਤੇ ਵਿਭਾਗਾਂ ਵਿੱਚ 16 ਤੋਂ 30 ਨਵੰਬਰ 2026 ਤੱਕ ਵੱਧ ਤੋਂ ਵੱਧ ਲੋਕਾਂ ਨੂੰ ਸੈਲਫ ਐਨਿਊਮਰੇਸ਼ਨ ਲਈ ਉਤਸ਼ਾਹਿਤ ਕਰਨ, ਤਾਂ ਜੋ ਜ਼ਿਲ੍ਹੇ ਵਿੱਚ ਜਨਗਣਨਾ ਦਾ ਕੰਮ ਸੁਚਾਰੂ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕ 16 ਨਵੰਬਰ ਤੋਂ se.census.gov.in ਰਾਹੀਂ ਆਪਣੇ ਵੇਰਵੇ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਭਾਰਤੀ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਬਿਹਤਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਜ਼ਿਲ੍ਹੇ ਵਿੱਚ ਨਗਰ ਨਿਗਮ, ਤਹਿਸੀਲਾਂ ਅਤੇ ਨਗਰ ਕੌਂਸਲਾਂ ਵਿੱਚ ਵੱਖ-ਵੱਖ ਬੈਚਾਂ ਰਾਹੀਂ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਤਾਂ ਜੋ ਇਸ ਮਹੱਤਵਪੂਰਨ ਕੰਮ ਲਈ ਤਾਇਨਾਤ ਸਾਰੇ ਕਰਮਚਾਰੀ ਆਪਣੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਨਾਲ ਨਿਭਾ ਸਕਣ।
ਅੰਡਰ ਟ੍ਰੇਨਿੰਗ ਆਈਏਐਸ ਅਧਿਕਾਰੀ ਗੁਰਕੰਵਲ ਸਿੰਘ ਨੇ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਦੌਰਾਨ ਸਹੀ ਅਤੇ ਸਟੀਕ ਵੇਰਵੇ ਦਿੱਤੇ ਜਾਣ, ਤਾਂ ਜੋ ਇਸ ਮਹੱਤਵਪੂਰਨ ਕੰਮ ਨੂੰ ਢੁੱਕਵੇਂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਦੇਸ਼ ਵਿੱਚ ਭਵਿੱਖ ਦੀਆਂ ਯੋਜਨਾਵਾਂ ਅਤੇ ਵੱਖ-ਵੱਖ ਤਰਜੀਹੀ ਖੇਤਰਾਂ ਲਈ ਬੇਹੱਦ ਮਹੱਤਵਪੂਰਨ ਹਨ। ਇਨ੍ਹਾਂ ਰਾਹੀਂ ਭਵਿੱਖ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ-2027 ਤਹਿਤ ਮੰਗੀ ਗਈ ਜਾਣਕਾਰੀ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਸਾਂਝੀ ਕਰਨ, ਕਿਉਂਕਿ ਇਹ ਦੇਸ਼ ਅਤੇ ਜਨਹਿੱਤ ਲਈ ਬਹੁਤ ਮਹੱਤਵਪੂਰਨ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮਾਂ ਦੌਰਾਨ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਆਬਾਦੀ ਦੇ ਅੰਕੜੇ ਸਹੀ ਢੰਗ ਨਾਲ ਇਕੱਠੇ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਫੀਲਡ ਟ੍ਰੇਨਿੰਗ ਵੀ ਕਰਵਾਈ ਗਈ, ਤਾਂ ਜੋ ਉਹ ਵਿਹਾਰਕ ਤਜਰਬਾ ਹਾਸਲ ਕਰ ਸਕਣ ਅਤੇ ਆਬਾਦੀ ਦੀ ਗਿਣਤੀ ਦੌਰਾਨ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ।
ਸਿਖਲਾਈ ਪ੍ਰੋਗਰਾਮਾਂ ਦੌਰਾਨ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਪੂਰੀ ਗੰਭੀਰਤਾ ਨਾਲ ਸਮਝਣ ਅਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਮੀਟਿੰਗ ਦੌਰਾਨ ਡੀਐਸਪੀ ਹੈੱਡਕੁਆਰਟਰ ਕਰਤਾਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸੁਨੀਤਾ ਪਾਲ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
