ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ, ਕਿ ਉਹ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ https://se.census.gov.in/ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਕੇ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਹੈਲਪਲਾਈਨ ਨੰਬਰ 1855 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨਾਲ ਜਨਗਣਨਾ ਦਾ ਕੰਮ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਮਦਦ ਮਿਲੇਗੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੇ ਸਵੈ-ਗਣਨਾ ਪ੍ਰਕਿਰਿਆ ਵਿੱਚ ਪੰਜਾਬ ਭਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਭਾਗੀਦਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਫਾਰਮ ਭਰਨਾ ਸ਼ੁਰੂ ਕਰ ਦਿੱਤਾ ਹੈ ਪਰ ਅਜੇ ਤੱਕ ਉਸ ਨੂੰ ਪੂਰੀ ਤਰ੍ਹਾਂ ਜਮ੍ਹਾਂ ਨਹੀਂ ਕਰਵਾਇਆ, ਕਿ ਉਹ ਇਸ ਨੂੰ ਜਲਦੀ ਮੁਕੰਮਲ ਕਰਨ। ਸਿਰਫ਼ ਫਾਰਮ ਭਰਨਾ ਸ਼ੁਰੂ ਕਰਨਾ ਕਾਫ਼ੀ ਨਹੀਂ ਹੈ, ਸਗੋਂ ਇਸ ਨੂੰ ਪੂਰੀ ਤਰ੍ਹਾਂ ਭਰ ਕੇ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਜਨਗਣਨਾ ਦੇ ਅੰਕੜੇ ਭਵਿੱਖ ਵਿੱਚ ਵਿਕਾਸ ਯੋਜਨਾਵਾਂ ਅਤੇ ਜਨਤਕ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਵਿੱਚ ਸਹਾਇਕ ਹੋਣਗੇ।
ਇਸੇ ਲੜੀ ਤਹਿਤ ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਅਤੇ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਵੱਲੋਂ ਵੀ ਆਪਣੇ-ਆਪਣੇ ਉਪਮੰਡਲਾਂ ਵਿੱਚ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਕਰਕੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਨਾਗਰਿਕਾਂ ਨੂੰ ਸਵੈ-ਗਣਨਾ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸੀਮਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਜਨਗਣਨਾ ਕਾਰਜ ਦੇ ਇੰਚਾਰਜ ਡਾ. ਰਾਧਾ ਰਮਨ ਅਤੇ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਤੇ ਨੀਤੀਸ਼ ਤਿਵਾੜੀ ਵੀ ਜਾਗਰੂਕਤਾ ਗਤੀਵਿਧੀਆਂ ਰਾਹੀਂ ਇਸ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ ਤੱਕ ਆਪਣੀ ਸਵੈ-ਗਣਨਾ ਪੂਰੀ ਕਰਕੇ ਜ਼ਿਲ੍ਹੇ ਦੀ ਬਿਹਤਰ ਭਾਗੀਦਾਰੀ ਯਕੀਨੀ ਬਣਾਉਣ।
