ਹੁਸ਼ਿਆਰਪੁਰ/ਗੜ੍ਹਸ਼ੰਕਰ (ਦਲਜੀਤ ਅਜਨੋਹਾ):- ਭਾਰਤ ਸਰਕਾਰ ਨੇ ਜਨਗਣਨਾ 2027 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਨਾਗਰਿਕਾਂ ਦੀ ਸਹੂਲਤ ਲਈ ਆਨਲਾਈਨ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਲੋਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ।

ਗੜ੍ਹਸ਼ੰਕਰ ਉਪਮੰਡਲ ਵਿੱਚ ਸਵੈ-ਗਣਨਾ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਤਹਿਸੀਲਦਾਰ ਲਵਦੀਪ ਸਿੰਘ ਧੂਤ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਨਗਣਨਾ ਦੀਆਂ ਵੱਖ-ਵੱਖ ਪ੍ਰਕਿਰਿਆਵਾਂ, ਪ੍ਰਸ਼ਾਸਨਿਕ ਤਿਆਰੀਆਂ, ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਅਤੇ ਇਸ ਮਹੱਤਵਪੂਰਨ ਕੌਮੀ ਮੁਹਿੰਮ ਵਿੱਚ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਥਾਨਕ ਪੱਧਰ 'ਤੇ ਜਨਗਣਨਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਦੱਸਿਆ।

ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਧਿਕਾਰਤ ਜਨਗਣਨਾ ਕਰਮਚਾਰੀ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਨਾਗਰਿਕਾਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕਰਨਗੇ ਅਤੇ ਉਸ ਦੀ ਤਸਦੀਕ ਕਰਨਗੇ। ਨਾਗਰਿਕ ਅਧਿਕਾਰਤ ਪੋਰਟਲ 'ਤੇ ਜਾ ਕੇ ਜਾਂ ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਦਿੱਤੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਵੀ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।

ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਡਿਜੀਟਲ ਮਾਧਿਅਮ ਰਾਹੀਂ ਜਨਗਣਨਾ ਦੀ ਪ੍ਰਕਿਰਿਆ ਨੂੰ ਸਰਲ ਬਣਾਉਣਾ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਹੀ ਅਤੇ ਸਟੀਕ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਅਧਿਕਾਰਤ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ।

ਸਰਕਾਰ ਨੇ ਇਹ ਭਰੋਸਾ ਵੀ ਦਿੱਤਾ ਹੈ ਕਿ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਸਾਰੀ ਜਾਣਕਾਰੀ ਦੀ ਗੁਪਤਤਾ ਜਨਗਣਨਾ ਐਕਟ, 1948 ਦੇ ਉਪਬੰਧਾਂ ਤਹਿਤ ਸੁਰੱਖਿਅਤ ਰੱਖੀ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਾਗਰਿਕ ਜਨਗਣਨਾ ਹੈਲਪਲਾਈਨ ਨੰਬਰ 1800 180 1855 ਅਤੇ 1855 'ਤੇ ਸੰਪਰਕ ਕਰ ਸਕਦੇ ਹਨ ਜਾਂ ਅਧਿਕਾਰਤ ਵੈੱਬਸਾਈਟ se.census.gov.in ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਤਹਿਸੀਲਦਾਰ ਲਵਦੀਪ ਸਿੰਘ ਧੂਤ ਨਾਲ ਹੋਈ ਗੱਲਬਾਤ ਤੋਂ ਇਹ ਸਪੱਸ਼ਟ ਹੋਇਆ ਕਿ ਜਨਗਣਨਾ 2027 ਦੀ ਸਫਲਤਾ ਲਈ ਲੋਕ ਜਾਗਰੂਕਤਾ, ਪ੍ਰਸ਼ਾਸਨਿਕ ਤਾਲਮੇਲ ਅਤੇ ਆਮ ਜਨਤਾ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਇਹ ਦੇਸ਼ ਦੀ ਇੱਕ ਮਹੱਤਵਪੂਰਨ ਕੌਮੀ ਪ੍ਰਕਿਰਿਆ ਹੈ, ਜਿਸ ਵਿੱਚ ਹਰ ਨਾਗਰਿਕ ਦੀ ਸ਼ਮੂਲੀਅਤ ਅਹਿਮ ਭੂਮਿਕਾ ਨਿਭਾਏਗੀ।