ਮੋਹਾਲੀ (ਮਨਪ੍ਰੀਤ ਸਿੰਘ ਗੋਸਲਾਂ):- ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ ਨੇ ਜਨਗਣਨਾ ਦੇ ਦੂਜੇ ਪੜਾਅ ਦੀ ਡਿਊਟੀ ਵਿੱਚ ਜ਼ਿਲ੍ਹੇ ਦੇ ਸਾਰੇ ਅਧਿਆਪਕਾਂ ਨੂੰ ਲਗਾਏ ਜਾਣ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਕੂਲਾਂ ਵਿੱਚ ਵਿੱਦਿਅਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਜਦਕਿ ਦੂਜੇ ਪਾਸੇ ਅਧਿਆਪਕਾਂ ਨੂੰ ਲਗਾਤਾਰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ ਕਈ ਸਕੂਲਾਂ ਵਿੱਚ ਸਾਰਾ ਸਟਾਫ਼ ਜਨਗਣਨਾ ਦੀ ਡਿਊਟੀ 'ਤੇ ਲਗਾਇਆ ਗਿਆ ਹੈ, ਜਦਕਿ ਜ਼ਿਆਦਾਤਰ ਸਕੂਲਾਂ ਵਿੱਚ ਲਗਭਗ 80 ਫ਼ੀਸਦੀ ਅਧਿਆਪਕ ਇਹ ਡਿਊਟੀ ਨਿਭਾ ਰਹੇ ਹਨ।
ਪ੍ਰੈੱਸ ਸਕੱਤਰ ਬਲਜੀਤ ਚੁੰਬਰ ਅਤੇ ਰਾਜੇਸ਼ ਜੋਸ਼ੀ ਨੇ ਕਿਹਾ ਕਿ ਪਹਿਲਾਂ ਹੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ, ਵੱਖ-ਵੱਖ ਵਿਭਾਗੀ ਡਿਊਟੀਆਂ, ਆਨਲਾਈਨ ਰਿਪੋਰਟਾਂ ਅਤੇ ਹੋਰ ਪ੍ਰਸ਼ਾਸਕੀ ਕੰਮਾਂ ਕਾਰਨ ਸਕੂਲਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਹੁਣ ਜਨਗਣਨਾ ਦੇ ਦੂਜੇ ਪੜਾਅ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਏ ਜਾਣ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਉਪਲਬਧਤਾ ਹੋਰ ਘੱਟ ਜਾਵੇਗੀ। ਇਸ ਦਾ ਸਿੱਧਾ ਨੁਕਸਾਨ ਵਿਦਿਆਰਥੀਆਂ ਨੂੰ ਝੱਲਣਾ ਪਵੇਗਾ।
