ਸ਼ੇਰਪੁਰ/ਧੂਰੀ, 21 ਅਕਤੂਬਰ:- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਾਤਰੋਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਹੋਰ ਹਾਜ਼ਰੀਨ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਮੰਡੀ ਵਿੱਚ ਪਹੁੰਚੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦਾ ਉਨ੍ਹਾਂ ਨੂੰ ਸਹੀ ਮੁੱਲ ਮਿਲਣਾ ਬਹੁਤ ਮਹੱਤਵਪੂਰਨ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪਿੰਡ ਘਨੌਰੀ ਕਲਾਂ ਦੇ ਸਰਪੰਚ ਅੰਮ੍ਰਿਤਪਾਲ ਸਿੰਘ, ਪਿੰਡ ਕਾਤਰੋਂ ਦੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ, ਸਾਬਕਾ ਸਰਪੰਚ ਬਹਾਦਰ ਸਿੰਘ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ ਫ਼ੌਜੀ, ਗੁਰੀਤ ਸਿੰਘ ਅਟਵਾਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।