ਸ੍ਰੀ ਅਨੰਦਪੁਰ ਸਾਹਿਬ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸਥਾਨਕ ਭਗਤ ਰਵਿਦਾਸ ਚੌਂਕ ਤੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਕੇ ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ਦੀ ਆਰੰਭਤਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਰੋੜਾਂ ਸੰਗਤਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਕਾਨੂੰਨ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਲਈ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਯਾਤਰਾ ਦੀ ਸ਼ੁਰੂਆਤ ਕਰਨ ਉਪਰੰਤ ਉਹ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਬਾਬਾ ਬੁੱਢਾ, ਗੁਰਦੁਆਰਾ ਮਸਤੂਆਣਾ ਸਾਹਿਬ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਸ਼ੁਕਰਾਨਾ ਯਾਤਰਾ ਨੂੰ ਸਮਾਪਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕੇ ਪਰਮਾਤਮਾਂ ਉਨ੍ਹਾਂ ਨੂੰ ਲੋਕ ਸੇਵਾ ਲਈ ਬਲ ਅਤੇ ਸਮਰੱਥਾ ਬਖਸ਼ੇ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਧਰਤੀ ਹੈ, ਪਰ ਭਾਜਪਾ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਤੋਂ ਪਹਿਲਾਂ ਤਣਾਅ ਪੈਦਾ ਕਰਨ ਦੀ ਸਿਆਸਤ ਕਰਦੀ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਾਲ ਹੀ ਵਿੱਚ ਹੋਏ ਛੋਟੇ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਸਿਆਸੀ ਏਜੰਡੇ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਕਾਰਨ ਹੁਣ ਕੋਈ ਵੀ ਬੇਅਦਬੀ ਕਰਨ ਤੋਂ ਪਹਿਲਾਂ ਸਖ਼ਤ ਸਜ਼ਾ ਤੋਂ ਡਰੇਗਾ, ਜਿਸ ਕਾਰਨ ਭਾਜਪਾ ਦੀ “ਫਿਰਕੂ ਸਿਆਸਤ” ਨੂੰ ਝਟਕਾ ਲੱਗਿਆ ਹੈ। ਮੁਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਵੇਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਤ ਰਵਿਦਾਸ ਚੌਂਕ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।