ਚੰਡੀਗੜ੍ਹ, 13 ਅਕਤੂਬਰ:- ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਾਉਣ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ‘ਸੰਕਲਪ’ (SANKALP) ਸੁਸਾਇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਵਿਆਪਕ ਅਤੇ ਤਾਲਮੇਲ ਵਾਲੀ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਸ਼ਮੂਲੀਅਤ ਜ਼ਰੂਰੀ ਹੈ, ਤਾਂ ਜੋ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਰਹੇ ਅਤੇ ਨਸ਼ਿਆਂ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ।

ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਪ੍ਰਮੁੱਖ ਸੰਕਲਪਾਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਵਿੱਚ ਪੁਲਿਸ ਥਾਣਿਆਂ ਦੇ ਅਧਿਕਾਰ ਖੇਤਰਾਂ ਨੂੰ ਨਸ਼ਾ ਮੁਕਤ ਬਣਾਉਣਾ, ਜ਼ਿਲ੍ਹਿਆਂ ਨੂੰ ਨਸ਼ਾ ਤਸਕਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਉਣਾ, ਕੈਮਿਸਟਾਂ ਦੀਆਂ ਦੁਕਾਨਾਂ ’ਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਰੋਕਣਾ, ਨਸ਼ਿਆਂ ਵਿਰੁੱਧ ਪਰਿਵਾਰਾਂ ਦਾ ਸਹਿਯੋਗ ਯਕੀਨੀ ਬਣਾਉਣਾ, ਇਲਾਜ ਦੀਆਂ ਸਹੂਲਤਾਂ ਵਾਲੇ ਹਸਪਤਾਲ ਉਪਲਬਧ ਕਰਵਾਉਣਾ, ਅਜਿਹੇ ਸਹੂਲਤਾਂ ਨਾਲ ਲੈਸ ਸਕੂਲ ਯਕੀਨੀ ਬਣਾਉਣਾ ਜਿੱਥੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ, ਵਿਦਿਆਰਥੀਆਂ ਦੀ ਕੌਂਸਲਿੰਗ ਅਤੇ ਸੁਰੱਖਿਅਤ ਵਿਦਿਅਕ ਮਾਹੌਲ ਨੂੰ ਉਤਸ਼ਾਹਿਤ ਕੀਤਾ ਜਾਵੇ, ਅਤੇ ਨੌਜਵਾਨਾਂ ਲਈ ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ਦੇ ਬਿਹਤਰ ਬਦਲ ਉਪਲਬਧ ਕਰਵਾਉਣਾ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਕਲਪ ਹੈ—‘ਨਸ਼ਾ ਮੁਕਤ ਹਰਿਆਣਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ।’ ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੀ ਤਸਕਰੀ ਵਿਰੁੱਧ ਕਾਰਵਾਈ ਸਿਰਫ਼ ਨਸ਼ਾ ਵੇਚਣ ਵਾਲੇ ਵਿਅਕਤੀ ਤੱਕ ਸੀਮਤ ਨਾ ਰਹੇ, ਸਗੋਂ ਇਹ ਵੀ ਪਤਾ ਲਗਾਇਆ ਜਾਵੇ ਕਿ ਉਸ ਕੋਲ ਨਸ਼ੀਲੇ ਪਦਾਰਥ ਕਿੱਥੋਂ ਪਹੁੰਚੇ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਅਤੇ ਤਸਕਰੀ ਦੇ ਨੈੱਟਵਰਕ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਜਾਂਚ ਅਤੇ ਢੁੱਕਵੀਂ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।


ਸੰਕਲਪ ਸੁਸਾਇਟੀ ਹਰ ਮਹੀਨੇ ਨਸ਼ਾ ਮੁਕਤੀ ਮੁਹਿੰਮ ਦੇ ਨਤੀਜਿਆਂ ਦੀ ਰਿਪੋਰਟ ਦੇਵੇਗੀ, ਹਰ ਅਧਿਕਾਰੀ ਦੀ ਜਵਾਬਦੇਹੀ ਤੈਅ ਹੋਵੇਗੀ

ਮੁੱਖ ਮੰਤਰੀ ਨੇ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਦਿੱਤੇ ਕਿ ਸੰਕਲਪ ਸੁਸਾਇਟੀ ਨੂੰ ਹਰ ਮਹੀਨੇ ਆਪਣੇ ਕੰਮਾਂ ਦੇ ਠੋਸ ਨਤੀਜੇ ਪੇਸ਼ ਕਰਨੇ ਪੈਣਗੇ। ਇਹ ਵੀ ਮੁਲਾਂਕਣ ਕੀਤਾ ਜਾਵੇਗਾ ਕਿ ਨਸ਼ਿਆਂ ਦੀ ਉਪਲਬਧਤਾ ਘਟਾਉਣ, ਨੌਜਵਾਨਾਂ ਨੂੰ ਇਲਾਜ ਨਾਲ ਜੋੜਨ ਅਤੇ ਉਨ੍ਹਾਂ ਦੇ ਮੁੜ ਨਸ਼ਿਆਂ ਵੱਲ ਪਰਤਣ ਦੀ ਪ੍ਰਵਿਰਤੀ ਨੂੰ ਰੋਕਣ ਵਿੱਚ ਕਿੰਨੀ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰ ਪੱਧਰ ’ਤੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮੈਰਾਥਨ, ਸਾਈਕਲੋਥੌਨ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀ ਹੈ। ਪਰ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਜਾਗਰੂਕਤਾ ਫੈਲਾਉਣਾ ਨਹੀਂ, ਸਗੋਂ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਉਣਾ ਹੈ। ਸੰਕਲਪ ਸੁਸਾਇਟੀ ਨੂੰ ਇਹ ਵੀ ਨਿਗਰਾਨੀ ਕਰਨੀ ਪਵੇਗੀ ਕਿ ਕਿੰਨੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਗਿਆ, ਕਿੰਨੇ ਨੌਜਵਾਨਾਂ ਨੇ ਆਪਣਾ ਇਲਾਜ ਪੂਰਾ ਕੀਤਾ ਅਤੇ ਇਲਾਜ ਤੋਂ ਬਾਅਦ ਉਹ ਮੁੜ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਨਾ ਆਉਣ। ਇਸ ਲਈ ਇਲਾਜ ਦੇ ਨਾਲ-ਨਾਲ ਨਿਰੰਤਰ ਨਿਗਰਾਨੀ, ਮੁੜ ਵਸੇਬੇ ਅਤੇ ਪਰਿਵਾਰਕ ਸਹਿਯੋਗ ’ਤੇ ਵੀ ਵਿਸ਼ੇਸ਼ ਧਿਆਨ ਦੇਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹਰ ਵਿਅਕਤੀ ਤੱਕ ਸਹਾਇਤਾ ਪਹੁੰਚੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਕਾਰਾਤਮਕ ਮੌਕੇ, ਸਹੀ ਸੇਧ ਅਤੇ ਅਨੁਕੂਲ ਮਾਹੌਲ ਮਿਲੇ। ਇਸੇ ਉਦੇਸ਼ ਲਈ ਸਰਕਾਰ ਨੇ ‘ਸੰਕਲਪ’ ਸੁਸਾਇਟੀ ਦਾ ਗਠਨ ਕੀਤਾ ਹੈ। ਇਸ ਤਹਿਤ ਗ੍ਰਹਿ, ਸਿਹਤ, ਸਿੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਮਹਿਲਾ ਅਤੇ ਬਾਲ ਵਿਕਾਸ ਸਮੇਤ ਹੋਰ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕੀਤਾ ਜਾਵੇਗਾ, ਤਾਂ ਜੋ ਨਸ਼ਿਆਂ ਦੀ ਰੋਕਥਾਮ ਤੋਂ ਲੈ ਕੇ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਤੱਕ ਹਰ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਵਿੱਚ ਅਥਾਹ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ, ਮੌਕੇ ਅਤੇ ਸਹਿਯੋਗ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਮਾਜ ਦੋਵਾਂ ਦੀ ਜ਼ਿੰਮੇਵਾਰੀ ਹੈ। ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪ੍ਰਸ਼ਾਸਕੀ ਯਤਨਾਂ ਦੇ ਨਾਲ-ਨਾਲ ਪਰਿਵਾਰਾਂ, ਅਧਿਆਪਕਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਜਨਤਕ ਨੁਮਾਇੰਦਿਆਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਦਾ ਨੌਜਵਾਨ ਸਿਹਤਮੰਦ, ਜਾਗਰੂਕ, ਆਤਮਨਿਰਭਰ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਬਣੇ ਅਤੇ ਸੂਬਾ ਨਸ਼ਾ ਮੁਕਤ ਸਮਾਜ ਵੱਲ ਠੋਸ ਤਰੱਕੀ ਕਰੇ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੌਜਵਾਨ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਦਹੀਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਮੀਣਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ, ਏ.ਡੀ.ਜੀ.ਪੀ. ਸ੍ਰੀ ਸੰਜੇ ਕੁਮਾਰ, ਸੰਕਲਪ ਸੁਸਾਇਟੀ ਦੇ ਸੀ.ਈ.ਓ. ਸ੍ਰੀ ਓ.ਪੀ. ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।