ਅੰਬਾਲਾ, 21 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੰਤਰੀ ਸਵਰਗੀ ਚੌਧਰੀ ਫੂਲ ਚੰਦ ਮੁਲਾਣਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਅੱਜ ਅੰਬਾਲਾ ਸ਼ਹਿਰ ਦੇ ਸੈਕਟਰ 7 ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ ਅਤੇ ਉਨ੍ਹਾਂ ਦੇ ਪੁੱਤਰ ਤੇ ਅੰਬਾਲਾ ਲੋਕ ਸਭਾ ਮੈਂਬਰ ਵਰੁਣ ਮੁਲਾਣਾ ਅਤੇ ਨੂੰਹ ਤੇ ਮੁਲਾਣਾ ਦੀ ਵਿਧਾਇਕ ਪੂਜਾ ਚੌਧਰੀ ਸਮੇਤ ਦੁਖੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਵਰਗੀ ਫੂਲ ਚੰਦ ਮੁਲਾਣਾ ਦੀ ਤਸਵੀਰ ’ਤੇ ਫੁੱਲਾਂ ਦੇ ਹਾਰ ਭੇਟ ਕੀਤੇ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਪਰਿਵਾਰ ਨੂੰ ਧੀਰਜ ਤੇ ਹੌਸਲਾ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
ਸ੍ਰੀ ਫੂਲ ਚੰਦ ਮੁਲਾਣਾ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ 85 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਇਸ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ ਲਈ ਵੀ ਪ੍ਰਾਰਥਨਾ ਕੀਤੀ।
ਇਸ ਮੌਕੇ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨਨਿਓਲਾ, ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਅਤੇ ਹੋਰਾਂ ਨੇ ਵੀ ਦੁਖੀ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ।
