ਚੰਡੀਗੜ੍ਹ, 17 ਅਕਤੂਬਰ:- ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ੁਦ ਸੂਬੇ ਭਰ ਵਿੱਚ ਫ਼ਸਲ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਦੇ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਮੰਡੀਆਂ ਵਿੱਚ ਖ਼ਰੀਦ, ਚੁਕਾਈ ਅਤੇ ਭੁਗਤਾਨ ਦੇ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਸਲ ਖ਼ਰੀਦ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੰਤਰੀ ਸ਼ਨੀਵਾਰ ਨੂੰ ਰੋਹਤਕ ਦੀ ਅਨਾਜ ਮੰਡੀ ਵਿੱਚ ਫ਼ਸਲ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦੋ ਤੋਂ ਤਿੰਨ ਮਹੀਨਿਆਂ ਤੱਕ ਮੰਡੀਆਂ ਵਿੱਚ ਇੰਤਜ਼ਾਰ ਕਰਨਾ ਪੈਂਦਾ ਸੀ। ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਖ਼ਰੀਦ ਪ੍ਰਬੰਧ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ 15 ਦਿਨਾਂ ਵਿੱਚ ਖ਼ਰੀਦ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਿਸਾਨਾਂ ਦੀ ਚਿੰਤਾ ਕਰਨ ਦੀ ਬਜਾਏ ਸਿਰਫ਼ ਸਿਆਸੀ ਬਿਆਨਬਾਜ਼ੀ ਕਰਨ ਦੀ ਆਦਤ ਪੈ ਗਈ ਹੈ। ਸਰਕਾਰ ਦੀ ਤਰਜੀਹ ਕਿਸਾਨਾਂ ਦੀ ਫ਼ਸਲ ਦਾ ਉਚਿਤ ਮੁੱਲ ਸਮੇਂ ਸਿਰ ਦਿਵਾਉਣਾ ਅਤੇ ਮੰਡੀਆਂ ਵਿੱਚੋਂ ਉਸ ਦੀ ਜਲਦੀ ਚੁਕਾਈ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਸਰਕਾਰ ਨੂੰ ਘੇਰਨ ਲਈ ਕੋਈ ਠੋਸ ਮੁੱਦਾ ਨਹੀਂ ਬਚਿਆ ਹੈ, ਇਸ ਲਈ ਕਦੇ ਫ਼ਸਲ ਖ਼ਰੀਦ ਅਤੇ ਕਦੇ ਵਿਸ਼ੇਸ਼ ਗਹਿਰੇ ਪੁਨਰੀਖਣ (ਐੱਸ.ਆਈ.ਆਰ.) ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ।
ਹਰਿਆਣਾ ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ, ਗ਼ਰੀਬਾਂ, ਨੌਜਵਾਨਾਂ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਵਿਕਾਸ ਅਤੇ ਜਨ-ਕਲਿਆਣ ਦੇ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ।
ਵਿਸ਼ੇਸ਼ ਗਹਿਰੇ ਪੁਨਰੀਖਣ (ਐੱਸ.ਆਈ.ਆਰ.) ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਦੋਂ ਕਾਂਗਰਸ ਚੋਣ ਜਿੱਤਦੀ ਹੈ ਤਾਂ ਉਸ ਨੂੰ ਇਹੀ ਚੋਣ ਕਮਿਸ਼ਨ ਪੂਰੀ ਤਰ੍ਹਾਂ ਨਿਰਪੱਖ ਨਜ਼ਰ ਆਉਂਦਾ ਹੈ, ਪਰ ਹਾਰਦੇ ਹੀ ਚੋਣ ਕਮਿਸ਼ਨ ’ਤੇ ਧਾਂਦਲੀ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਵਿਰੋਧੀ ਧਿਰ ਯੋਜਨਾਬੱਧ ਤਰੀਕੇ ਨਾਲ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਕਾਂਗਰਸ ਆਪਣੀ ਚੋਣ ਹਾਰ ਦੀ ਜ਼ਿੰਮੇਵਾਰੀ ਸਵੀਕਾਰ ਕਰਨ ਦੀ ਬਜਾਏ ਸੰਵਿਧਾਨਕ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਵੀਰ ਸਿੰਘ ਢਾਕਾ, ਉਪਮੰਡਲ ਅਧਿਕਾਰੀ ਆਸ਼ੀਸ਼ ਕੁਮਾਰ, ਚੇਅਰਮੈਨ ਹਰੀਸ਼ ਕੌਸ਼ਿਕ, ਸਾਬਕਾ ਮੇਅਰ ਮਨਮੋਹਨ ਗੋਇਲ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਜਕਮਲ ਸਹਿਗਲ, ਹਰਿਓਮ ਭਾਲੀ, ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।
