ਨਵਾਂਸ਼ਹਿਰ/ਕਾਠਗੜ੍ਹ, 30 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ ਗਿਆ।
ਇਸ ਪਾਵਨ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਨੇ ਸਮੂਹ ਸ਼ਰਧਾਲੂਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ।
ਇਸ ਮੌਕੇ ਬੋਲਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਸਕੀਮ ਰਾਹੀਂ ਉਨ੍ਹਾਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀ ਸਾਲਾਂ ਪੁਰਾਣੀ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ, ਜੋ ਆਰਥਿਕ ਤੰਗੀ ਕਾਰਨ ਯਾਤਰਾ ਨਹੀਂ ਕਰ ਸਕਦੇ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂ ਪਵਿੱਤਰ ਧਾਮਾਂ ਦੇ ਦਰਸ਼ਨਾਂ ਦਾ ਲਾਭ ਪ੍ਰਾਪਤ ਕਰਕੇ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਨਾਲ ਆਪਣੇ ਘਰਾਂ ਨੂੰ ਵਾਪਸ ਪਰਤਣ।
ਇਸ ਮੌਕੇ ਪਿੰਡ ਜੰਡੀ ਦੇ ਸਰਪੰਚ, ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
