ਫਿਰੋਜਪੁਰ/ਮਮਦੋਟ, 24 ਅਗਸਤ:- ਪਿੰਡ ਲੱਖੋ ਕੇ ਬਹਿਰਾਮ ਵਿਖੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਤਿਆਰ ਕਰਵਾਏ ਗਏ ਖੇਡ ਮੈਦਾਨ ਦਾ ਰਸਮੀ ਉਦਘਾਟਨ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਅਤੇ ਖੇਡ ਪ੍ਰੇਮੀਆਂ ਨੇ ਵਿਧਾਇਕ ਸਰਾਰੀ ਦਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੁਨਹਿਰਾ ਬਣਾ ਸਕਣ।
ਵਿਧਾਇਕ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਂਦਿਆਂ ਖੇਡ ਮੈਦਾਨਾਂ ਵਿੱਚ ਆਪਣਾ ਜ਼ੋਰ ਅਜ਼ਮਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ।
ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਹੀ ਮੈਦਾਨਾਂ ਤੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਹੋ ਸਕਦੇ ਹਨ।
ਇਸ ਮੌਕੇ ਗ੍ਰਾਮ ਪੰਚਾਇਤ ਅਤੇ ਸਰਪੰਚ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਖੇਡ ਮੈਦਾਨ ਬਣਾਏ ਜਾਣ ’ਤੇ ਪੰਜਾਬ ਸਰਕਾਰ ਅਤੇ ਵਿਧਾਇਕ ਫੌਜਾ ਸਿੰਘ ਸਰਾਰੀ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਇੱਕ ਢੁਕਵਾਂ ਸਥਾਨ ਮਿਲਿਆ ਹੈ, ਜਿਸ ਨਾਲ ਪਿੰਡ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।
ਇਸ ਦੌਰਾਨ ਵਿਧਾਇਕ ਸਰਾਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਅਤੇ ਹੋਰ ਬੁਰਾਈਆਂ ਨੂੰ ਤਿਆਗ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਅਤੇ ਮਜ਼ਬੂਤ ਪੰਜਾਬ ਦੀ ਨੀਂਹ ਹਨ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਸਰਪੰਚ ਬਲਵਿੰਦਰ ਸਿੰਘ ਧਾਲੀਵਾਲ ਮੈਂਬਰ ਚਰਨਜੀਤ ਸਿੰਘ, ਸੰਦੀਪ ਸਿੰਘ, ਸਤਪਾਲ ਸਿੰਘ,ਗੁਰਜੀਤ ਸਿੰਘ ਪੱਤੀ ਲਾਇਲਪੁਰ ਦੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ।
