ਡੇਰਾਬੱਸੀ/ਲਾਲੜੂ, 5 ਨਵੰਬਰ:- ਹਲਕਾ ਡੇਰਾਬੱਸੀ ਦੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਛੇ ਪਿੰਡਾਂ ਵਿੱਚ 1 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਸਟੇਡੀਅਮਾਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੀਆਂ ਖੇਡ ਕਿੱਟਾਂ ਵੀ ਵੰਡੀਆਂ ਗਈਆਂ।

ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪਿੰਡ ਬੋਹੜਾ ਵਿੱਚ 32 ਲੱਖ ਰੁਪਏ, ਰਾਜੋਮਾਜਰਾ ਵਿੱਚ 30 ਲੱਖ ਰੁਪਏ, ਮੀਰਪੁਰਾ ਵਿੱਚ 5 ਲੱਖ ਰੁਪਏ, ਮੀਆਂਪੁਰ ਵਿੱਚ 32 ਲੱਖ ਰੁਪਏ, ਸਮਗੌਲੀ ਵਿੱਚ 22 ਲੱਖ ਰੁਪਏ ਅਤੇ ਸੁੰਡਰਾਂ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਇਹ ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਪਖਾਨੇ, ਚੇਨ-ਲਿੰਕ ਫੈਂਸਿੰਗ, ਬੋਰਵੈੱਲ, ਹਾਈਡ੍ਰੈਂਟ ਅਤੇ ਸਪ੍ਰਿੰਕਲਰ ਸਿਸਟਮ, ਬੈਠਣ ਲਈ ਬੈਂਚ, ਹਾਈ ਮਾਸਟ ਲਾਈਟਾਂ ਅਤੇ ਬੋਲਾਰਡ ਲਾਈਟਾਂ ਸਮੇਤ ਵੱਖ-ਵੱਖ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੀਆਂ ਖੇਡ ਕਿੱਟਾਂ ਦਿੱਤੀਆਂ ਗਈਆਂ, ਤਾਂ ਜੋ ਉਹ ਇਨ੍ਹਾਂ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਖੇਡ ਕਿੱਟਾਂ ਦੀ ਵੰਡ ਇਸੇ ਦਿਸ਼ਾ ਵਿੱਚ ਅਹਿਮ ਕਦਮ ਹਨ।

ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਪੇਂਡੂ ਖੇਤਰਾਂ ਦੇ ਖਿਡਾਰੀਆਂ ਨੂੰ ਵੀ ਬਿਹਤਰ ਖੇਡ ਸਹੂਲਤਾਂ ਆਪਣੇ ਪਿੰਡਾਂ ਵਿੱਚ ਹੀ ਉਪਲਬਧ ਹੋਣ, ਤਾਂ ਜੋ ਉਹ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਜਾਰੀ ਰਹੇਗੀ।

ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਟੇਡੀਅਮਾਂ ਅਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਵਿੱਚ ਵੀ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸਬੰਧਤ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ, ਪੰਚਾਇਤ ਵਿਭਾਗ ਦੇ ਅਧਿਕਾਰੀ, ਪਿੰਡ ਵਾਸੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।