ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਸਿਹਤ ਵਿਭਾਗ ਵੱਲੋਂ 22, 23 ਅਤੇ 24 ਨਵੰਬਰ ਨੂੰ ਚਲਾਈ ਜਾ ਰਹੀ ਤਿੰਨ ਰੋਜ਼ਾ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਗੜ੍ਹਸ਼ੰਕਰ ਖੇਤਰ ਦਾ ਦੌਰਾ ਕਰਕੇ ਵੱਖ-ਵੱਖ ਸਿਹਤ ਸੰਸਥਾਨਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪਲਸ ਪੋਲੀਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਸ ਦੌਰੇ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਓ.ਪੀ.ਡੀ., ਐਮਰਜੈਂਸੀ ਸੇਵਾਵਾਂ ਅਤੇ ਹੋਰ ਵਿਭਾਗਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਇਲਾਜ ਅਤੇ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਹਸਪਤਾਲ ਵਿੱਚ ਸਫ਼ਾਈ, ਦਵਾਈਆਂ ਦੀ ਉਪਲਬਧਤਾ, ਮੈਡੀਕਲ ਉਪਕਰਨਾਂ ਦੀ ਕਾਰਜਸ਼ੀਲਤਾ, ਸਟਾਫ਼ ਦੀ ਹਾਜ਼ਰੀ ਅਤੇ ਹਸਪਤਾਲ ਦੇ ਸਮੁੱਚੇ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਹਸਪਤਾਲ ਵਿੱਚ ਸਫ਼ਾਈ ਤੇ ਪ੍ਰਬੰਧਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਇਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਧਮਾਈ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਕਲੀਨਿਕ ਵਿੱਚ ਸਟਾਫ਼ ਦੀ ਹਾਜ਼ਰੀ, ਮਰੀਜ਼ਾਂ ਦੀ ਓ.ਪੀ.ਡੀ., ਦਵਾਈਆਂ ਦੀ ਉਪਲਬਧਤਾ, ਲੈਬ ਟੈਸਟ ਦੀਆਂ ਸਹੂਲਤਾਂ ਅਤੇ ਰਿਕਾਰਡ ਦੀ ਜਾਂਚ ਕੀਤੀ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਕਲੀਨਿਕ ਦਾ ਸਮੁੱਚਾ ਸਟਾਫ਼ ਸਮੇਂ ਸਿਰ ਹਾਜ਼ਰ ਰਹੇ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਜਾਂਚ ਦੀਆਂ ਸਹੂਲਤਾਂ ਬਿਨਾਂ ਕਿਸੇ ਮੁਸ਼ਕਲ ਦੇ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਲਈ ਇਸ ਉਦੇਸ਼ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਤਪਰਤਾ ਨਾਲ ਪੂਰਾ ਕੀਤਾ ਜਾਵੇ।

ਇਸ ਦੌਰਾਨ ਸਿਵਲ ਸਰਜਨ ਵੱਲੋਂ ਪੀ.ਐਚ.ਸੀ. ਪੋਸੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਬਣਾਏ ਗਏ ਬੂਥਾਂ ਦਾ ਦੌਰਾ ਕਰਕੇ ਬੱਚਿਆਂ ਦੀ ਕਵਰੇਜ ਅਤੇ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਬੂਥਾਂ 'ਤੇ ਆਉਣ ਵਾਲੇ ਬੱਚਿਆਂ ਅਤੇ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਡਾ. ਮਨਦੀਪ ਕਮਲ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਮੁਹਿੰਮ ਦੌਰਾਨ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇ, ਤਾਂ ਜੋ ਪੰਜ ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬੂਥਾਂ ਤੋਂ ਇਲਾਵਾ ਘਰ-ਘਰ ਜਾ ਕੇ ਵੀ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਯਕੀਨੀ ਬਣਾਇਆ ਜਾਵੇ। ਖਾਸ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ, ਝੁੱਗੀਆਂ-ਝੌਂਪੜੀਆਂ ਅਤੇ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਦੀ ਪਹੁੰਚ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਪੋਲੀਓ ਇੱਕ ਗੰਭੀਰ ਬਿਮਾਰੀ ਹੈ, ਜੋ ਅਪੰਗਤਾ ਦਾ ਕਾਰਨ ਬਣ ਸਕਦੀ ਹੈ, ਪਰ ਸਮੇਂ-ਸਮੇਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਬੱਚਿਆਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਇਸ ਲਈ ਹਰ ਬੱਚੇ ਨੂੰ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਸਿਹਤ ਵਿਭਾਗ ਦੇ ਨਾਲ-ਨਾਲ ਮਾਪਿਆਂ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਮਹੱਤਵਪੂਰਨ ਹੈ।

ਸਿਵਲ ਸਰਜਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਜ਼ਰੂਰ ਪਿਲਾਉਣ। ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਪਹਿਲਾਂ ਪੋਲੀਓ ਦੀਆਂ ਬੂੰਦਾਂ ਪੀ ਚੁੱਕੇ ਬੱਚਿਆਂ ਨੂੰ ਵੀ ਇਸ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਈਆਂ ਜਾਣ।

ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਆਖਰੀ ਦਿਨ 24 ਨਵੰਬਰ ਨੂੰ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਕੰਮ ਜਾਰੀ ਰਹੇਗਾ, ਤਾਂ ਜੋ ਮੁਹਿੰਮ ਦੌਰਾਨ ਕਿਸੇ ਕਾਰਨ ਬੂਥ 'ਤੇ ਨਾ ਪਹੁੰਚ ਸਕੇ ਬੱਚਿਆਂ ਨੂੰ ਵੀ ਕਵਰ ਕੀਤਾ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਿਹਤਮੰਦ ਬਚਪਨ ਅਤੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਯੋਗ ਬੱਚੇ ਤੱਕ ਪਹੁੰਚਣਾ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹੈ।