ਨਵਾਂਸ਼ਹਿਰ (ਦੇਸ ਰਾਜ ਬਾਲੀ):- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਣਯੋਗ ਮੈਂਬਰ ਸਕੱਤਰ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋਂ ਲੀਡ ਬੈਂਕ ਮੈਨੇਜਰ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ (ਡੀ.ਸੀ.ਓ.) ਨਾਲ ਜ਼ਿਲ੍ਹੇ ਵਿੱਚ 12 ਦਸੰਬਰ 2026 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਡਾ. ਅਮਨਦੀਪ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 12 ਦਸੰਬਰ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਵਿੱਚ ਅਦਾਲਤਾਂ ਵਿੱਚ ਲੰਬਿਤ ਅਤੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ 'ਤੇ ਪਹੁੰਚੇ ਸਮਝੌਤੇ ਯੋਗ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ।
ਇਸ ਸਬੰਧੀ ਮੀਟਿੰਗ ਵਿੱਚ ਹਾਜ਼ਰ ਲੀਡ ਬੈਂਕ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬੈਂਕ ਅਧਿਕਾਰੀਆਂ (ਡੀ.ਸੀ.ਓ.) ਨੂੰ ਕਿਹਾ ਗਿਆ ਕਿ ਬੈਂਕਾਂ ਨਾਲ ਸਬੰਧਤ ਵੱਧ ਤੋਂ ਵੱਧ ਲੰਬਿਤ ਮਾਮਲੇ ਇਸ ਲੋਕ ਅਦਾਲਤ ਵਿੱਚ ਪੇਸ਼ ਕੀਤੇ ਜਾਣ, ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਜਲਦੀ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਕਿਹਾ ਗਿਆ।
