ਨਵੀਂ ਦਿੱਲੀ:- ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੀਨੀਅਰ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਸਰੋਤਾਂ ਅਨੁਸਾਰ, ਇਹ ਕਾਰਵਾਈ ਸ਼ਹਿਰ ਵਿੱਚ ਬਣਾਏ ਗਏ ਸੁਰੱਖਿਆ ਘੇਰੇ ਨੂੰ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਕੀਤੀ ਗਈ।
ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਸੀ.ਜੇ.ਪੀ. ਦੇ ਬਾਨੀ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਪਾਰਟੀ ਆਗੂ ਅਜਿੰਕਿਆ ਸ਼ਿੰਦੇ ਸਮੇਤ ਟੀਮ ਦੇ ਕਈ ਹੋਰ ਮੈਂਬਰਾਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਦੀਪਕੇ ਨੇ ਲਿਖਿਆ, “ਕੌਮੀ ਝੰਡੇ ‘ਤਿਰੰਗੇ’ ਨਾਲ ਸਾਡੇ ਸਾਥੀ ਮੰਗਲਵਾਰ ਸਵੇਰੇ ਜੰਤਰ-ਮੰਤਰ ਵਿੱਚ ਦਾਖ਼ਲ ਹੋਏ ਸਨ, ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਚੁੱਕ ਲਿਆ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦਿਆਂ ਉਨ੍ਹਾਂ ਅੱਗੇ ਲਿਖਿਆ, “ਤੁਸੀਂ ਵਿਰੋਧੀਆਂ ਦੀ ਆਵਾਜ਼ ਨੂੰ ਖ਼ਾਮੋਸ਼ ਨਹੀਂ ਕਰ ਸਕਦੇ।”
ਦੀਪਕੇ ਵੱਲੋਂ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਸੀ.ਜੇ.ਪੀ. ਦੇ ਮੈਂਬਰ ਜੰਤਰ-ਮੰਤਰ ਦਾ ਗੇਟ ਟੱਪ ਕੇ ਅੰਦਰ ਦਾਖ਼ਲ ਹੁੰਦੇ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਪੁਲੀਸ ਮੁਲਾਜ਼ਮ ਤੁਰੰਤ ਉੱਥੇ ਪਹੁੰਚ ਕੇ ਉਨ੍ਹਾਂ ਨੂੰ ਕਾਬੂ ਕਰਦੇ ਦਿਖਾਈ ਦਿੰਦੇ ਹਨ।
