ਪਟਿਆਲਾ, 14 ਅਕਤੂਬਰ:- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਬੈਨਰ ਹੇਠ ਸਰਕਾਰੀ ਕਾਲਜਾਂ ਦੇ ਕੱਚੇ ਅਤੇ ਪੱਕੇ ਚੌਥਾ ਦਰਜਾ ਮੁਲਾਜ਼ਮਾਂ ਨੇ ਸਰਕਾਰੀ ਫਿਜ਼ੀਕਲ ਕਾਲਜ ਦੇ ਬਾਹਰ ਗੇਟ ਰੈਲੀ ਕਰਕੇ ਪ੍ਰਿੰਸੀਪਲ ਵਿਰੁੱਧ ਰੋਸ ਪ੍ਰਗਟਾਇਆ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਨੇ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਚੌਥਾ ਦਰਜਾ ਮੁਲਾਜ਼ਮ ਸਲਿੰਦਰ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਅਤੇ ਉਸ ਦਾ ਪੱਖ ਸੁਣੇ ਬਿਨਾਂ ਨੌਕਰੀ ਤੋਂ ਫਾਰਗ ਕਰ ਦਿੱਤਾ। ਯੂਨੀਅਨ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਅਤੇ ਲਿਖਤੀ ਪੱਤਰ-ਵਿਹਾਰ ਕਰਨ ਦੇ ਬਾਵਜੂਦ ਉਨ੍ਹਾਂ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਕਾਲਜ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਧੀਨ ਆਉਂਦਾ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਰਾਮ ਜੋਧਾ, ਬੁੱਧ ਰਾਮ, ਪ੍ਰਕਾਸ਼ ਸਿੰਘ ਲੁਬਾਣਾ, ਇੰਦਰਪਾਲ ਵਾਲੀਆ, ਲਖਵੀਰ ਸਿੰਘ ਅਤੇ ਸਤਨਾਮ ਸਿੰਘ ਬਾਗਬਾਨੀ ਨੇ ਪ੍ਰਿੰਸੀਪਲ ਦੇ ਫੈਸਲੇ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ 64 ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਉੱਚ ਸਿੱਖਿਆ ਅਧਿਕਾਰੀਆਂ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ।

ਉਨ੍ਹਾਂ ਕਿਹਾ ਕਿ 7 ਜੁਲਾਈ 2026 ਨੂੰ ਡਾਇਰੈਕਟਰ, ਉੱਚ ਸਿੱਖਿਆ ਵਿਭਾਗ, ਕਾਲਜਾਂ, ਪੰਜਾਬ ਨਾਲ ਹੋਈਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਲਏ ਫੈਸਲੇ ਲਾਗੂ ਨਹੀਂ ਕੀਤੇ ਗਏ। ਇਨ੍ਹਾਂ ਵਿੱਚ ਘੱਟੋ-ਘੱਟ ਉਜਰਤਾਂ ਲਾਗੂ ਕਰਨਾ ਅਤੇ ਉਜਰਤਾਂ ਦੇ ਬਕਾਏ ਦੀ ਅਦਾਇਗੀ ਕਰਨਾ ਸ਼ਾਮਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਪ੍ਰਿੰਸੀਪਲ ਜਾਣਬੁੱਝ ਕੇ ਬਕਾਇਆ ਉਜਰਤਾਂ ਦੀ ਅਦਾਇਗੀ ਨਹੀਂ ਕਰ ਰਹੇ। ਯੂਨੀਅਨ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ’ਤੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਗੇਟ ਰੈਲੀ ਵਿੱਚ ਤਰਲੋਚਨ ਮਾੜੂ, ਸੁਨੀਲ ਦੱਤ, ਰਾਮ ਨਰੇਸ਼ ਅਤੇ ਬਿਧੀ ਚੰਦ ਨਾਭਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਰੈਲੀ ਦੌਰਾਨ ਡੀਐੱਸਪੀ ਸਿਟੀ ਸੰਜੀਵ ਸਿੰਘ ਨੇ ਗੱਲਬਾਤ ਕਰਕੇ ਉਪ-ਕੁਲਪਤੀ ਨਾਲ ਮੀਟਿੰਗ ਦਾ ਸਮਾਂ ਨਿਰਧਾਰਤ ਕਰਵਾਇਆ।