ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ. ਨਗਰ ਵੱਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿੱਚ ਦਫ਼ਤਰ, ਸੈਨਿਕ ਰੈਸਟ ਹਾਊਸ ਅਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਐਸ.ਏ.ਐਸ. ਨਗਰ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਦੌਰਾਨ ਸੈਨਿਕ ਸਦਨ ਦੀ ਸਮੁੱਚੀ ਇਮਾਰਤ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਸਾਫ਼-ਸਫ਼ਾਈ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾ ਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਐਸ.ਏ.ਐਸ. ਨਗਰ ਨੇ ਚੱਲ ਰਹੀ 'ਸਵੱਛਤਾ ਹੀ ਸੇਵਾ' ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ 'ਤੇ ਕੂੜਾ-ਕਰਕਟ ਨਹੀਂ ਸੁੱਟਣਾ ਚਾਹੀਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ-ਕਰਕਟ ਨਗਰ ਨਿਗਮ ਵੱਲੋਂ ਨਿਰਧਾਰਤ ਕੀਤੀਆਂ ਥਾਵਾਂ 'ਤੇ ਹੀ ਸੁੱਟਿਆ ਜਾਵੇ ਅਤੇ ਸਫ਼ਾਈ ਮੁਹਿੰਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਸਮੂਹਿਕ ਯਤਨਾਂ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ।