ਧੂਰੀ (ਸੰਗਰੂਰ), 15 ਨਵੰਬਰ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਛੱਠ ਪੂਜਾ ਦੇ ਜਸ਼ਨਾਂ ਵਿੱਚ ਸ਼ਰਧਾਲੂਆਂ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਸਾਰਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ੀ, ਖੁਸ਼ਹਾਲੀ, ਚੰਗੀ ਸਿਹਤ ਅਤੇ ਭਲਾਈ ਲਈ ਅਰਦਾਸ ਕੀਤੀ। ਆਸਥਾ, ਸ਼ੁਕਰਾਨੇ ਅਤੇ ਆਪਸੀ ਏਕਤਾ ਦੇ ਸੰਦੇਸ਼ ਉੱਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਇੱਕ-ਦੂਜੇ ਦੇ ਤਿਉਹਾਰ ਸਮੂਹਿਕ ਉਤਸ਼ਾਹ ਨਾਲ ਮਨਾਉਂਦੇ ਹਨ ਤਾਂ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਅਮੀਰ ਵਿਰਾਸਤ ਹੋਰ ਮਜ਼ਬੂਤ ਹੁੰਦੀ ਹੈ।

ਛੱਠ ਪੂਜਾ ਦੇ ਜਸ਼ਨਾਂ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਧੂਰੀ ਵਿੱਚ ਛੱਠ ਦੇ ਤਿਉਹਾਰ ਵਿੱਚ ਸ਼ਮੂਲੀਅਤ ਕੀਤੀ ਅਤੇ ਛੱਠੀ ਮਈਆ ਦਾ ਆਸ਼ੀਰਵਾਦ ਪ੍ਰਾਪਤ ਕੀਤਾ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਬਹੁਤ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਜੋਸ਼ ਨਾਲ ਛੱਠ ਪੂਜਾ ਮਨਾ ਰਹੇ ਹਨ। ਉਨ੍ਹਾਂ ਕਿਹਾ, “ਮੈਂ ਛੱਠੀ ਮਈਆ ਅਤੇ ਸੂਰਜ ਦੇਵਤਾ ਅੱਗੇ ਸਾਰਿਆਂ ਲਈ ਸ਼ਾਂਤੀ, ਚੰਗੀ ਸਿਹਤ, ਖੁਸ਼ੀ ਅਤੇ ਖੁਸ਼ਹਾਲੀ ਦੀ ਅਰਦਾਸ ਕਰਦਾ ਹਾਂ ਅਤੇ ਆਸ ਕਰਦਾ ਹਾਂ ਕਿ ਪਿਆਰ, ਆਪਸੀ ਸਤਿਕਾਰ ਅਤੇ ਭਾਈਚਾਰੇ ਦੇ ਰਿਸ਼ਤੇ ਹੋਰ ਮਜ਼ਬੂਤ ਹੁੰਦੇ ਰਹਿਣਗੇ।”

ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਛੱਠ ਪੂਜਾ ਸਿਰਫ਼ ਧਾਰਮਿਕ ਤਿਉਹਾਰ ਨਹੀਂ, ਸਗੋਂ ਆਸਥਾ, ਤਪੱਸਿਆ, ਅਨੁਸ਼ਾਸਨ, ਪਰਿਵਾਰ ਪ੍ਰਤੀ ਸਮਰਪਣ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦਾ ਪ੍ਰਤੀਕ ਇੱਕ ਪਵਿੱਤਰ ਮੌਕਾ ਹੈ। ਸੂਰਜ ਨੂੰ ਜੀਵਨ, ਊਰਜਾ, ਰੌਸ਼ਨੀ ਅਤੇ ਚੰਗੀ ਸਿਹਤ ਦੇ ਸਰੋਤ ਵਜੋਂ ਪੂਜਿਆ ਜਾਂਦਾ ਹੈ। ਇਹ ਸਾਨੂੰ ਸਾਡੀ ਹੋਂਦ ਵਿੱਚ ਕੁਦਰਤ ਦੇ ਅਨਮੋਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ।”

ਉਨ੍ਹਾਂ ਅੱਗੇ ਕਿਹਾ, “ਡੁੱਬਦੇ ਅਤੇ ਚੜ੍ਹਦੇ ਸੂਰਜ ਦੋਵਾਂ ਨੂੰ ਅਰਘ ਦੇਣ ਦੀ ਪਰੰਪਰਾ ਛੱਠ ਪੂਜਾ ਦੇ ਸਭ ਤੋਂ ਵਿਲੱਖਣ ਪਹਿਲੂਆਂ ਵਿੱਚੋਂ ਇੱਕ ਹੈ। ਇਹ ਸਾਨੂੰ ਜੀਵਨ ਦੇ ਹਰ ਪੜਾਅ ਅਤੇ ਹਰੇਕ ਵਿਅਕਤੀ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਹ ਤਿਉਹਾਰ ਸਾਨੂੰ ਸਫ਼ਾਈ, ਸੰਜਮ, ਅਨੁਸ਼ਾਸਨ ਅਤੇ ਕੁਦਰਤ ਨਾਲ ਡੂੰਘਾ ਨਾਤਾ ਜੋੜਨ ਦੀ ਪ੍ਰੇਰਣਾ ਵੀ ਦਿੰਦਾ ਹੈ।”

ਬਿਹਾਰ ਅਤੇ ਪੂਰਵਾਂਚਲ ਤੋਂ ਪੰਜਾਬ ਆ ਕੇ ਵੱਸੇ ਲੋਕਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਪ੍ਰਵਾਸੀ ਭੈਣ-ਭਰਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਨਮੋਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਵਚਨਬੱਧਤਾ ਖੇਤੀਬਾੜੀ, ਉਦਯੋਗ, ਵਪਾਰ ਅਤੇ ਕਈ ਹੋਰ ਖੇਤਰਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸੂਬੇ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਵੱਡਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਬਿਹਾਰ ਅਤੇ ਪੂਰਵਾਂਚਲ ਦੇ ਸਾਡੇ ਭੈਣ-ਭਰਾਵਾਂ ਨਾਲ ਸਾਡਾ ਰਿਸ਼ਤਾ ਸਿਰਫ਼ ਰੁਜ਼ਗਾਰ ਤੱਕ ਸੀਮਤ ਨਹੀਂ ਹੈ। ਇਹ ਸੱਭਿਆਚਾਰਕ ਆਦਾਨ-ਪ੍ਰਦਾਨ, ਆਪਸੀ ਵਿਸ਼ਵਾਸ, ਪਿਆਰ ਅਤੇ ਭਾਈਚਾਰੇ ਉੱਤੇ ਆਧਾਰਿਤ ਇੱਕ ਮਜ਼ਬੂਤ ਰਿਸ਼ਤਾ ਹੈ। ਪੰਜਾਬ ਵਿੱਚ ਰਹਿਣ ਵਾਲਾ ਹਰ ਵਿਅਕਤੀ ਸਾਡੇ ਵਿਸ਼ਾਲ ਪਰਿਵਾਰ ਦਾ ਹਿੱਸਾ ਹੈ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਸਮਾਜ ਦੇ ਹਰ ਵਰਗ ਦਾ ਸਤਿਕਾਰ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਆਪਸੀ ਏਕਤਾ, ਫਿਰਕੂ ਸਦਭਾਵਨਾ, ਇਕਜੁੱਟਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਵਿੱਚ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਹਰ ਭਾਈਚਾਰੇ, ਧਰਮ ਅਤੇ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਸਾਡਾ ਉਦੇਸ਼ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਮੌਕੇ, ਸੁਰੱਖਿਆ ਅਤੇ ਮਾਣ-ਸਨਮਾਨ ਮਿਲੇ। ਸਾਰੇ ਧਰਮਾਂ ਅਤੇ ਸੱਭਿਆਚਾਰਾਂ ਦੇ ਤਿਉਹਾਰ ਮਿਲ ਕੇ ਮਨਾਉਣਾ ਸਾਡੀ ਅਮੀਰ ਵਿਰਾਸਤ ਦਾ ਅਟੁੱਟ ਹਿੱਸਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਛੱਠ ਪੂਜਾ ਲਈ ਸੂਬੇ ਭਰ ਵਿੱਚ 104 ਸਥਾਨਾਂ ਦੀ ਪਛਾਣ ਕੀਤੀ ਸੀ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਸਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਵੱਖ-ਵੱਖ ਭਾਈਚਾਰਿਆਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਆਸਥਾ, ਭਗਤੀ, ਏਕਤਾ ਤੇ ਸਮੂਹਿਕ ਭਾਗੀਦਾਰੀ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਦਾ ਹੈ।

ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਯੋਗਦਾਨ ਉੱਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸਾਰੀ, ਵਪਾਰ, ਫਲ ਵੇਚਣ ਅਤੇ ਹੋਰ ਆਰਥਿਕ ਗਤੀਵਿਧੀਆਂ ਸਮੇਤ ਕਈ ਖੇਤਰਾਂ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਇੱਕ ਸਮੂਹਿਕ ਯਤਨ ਹੈ ਅਤੇ ਸੂਬੇ ਦੀ ਖੁਸ਼ਹਾਲੀ ਲਈ ਕੰਮ ਕਰਨ ਵਾਲਾ ਹਰ ਵਿਅਕਤੀ ਸਤਿਕਾਰ ਅਤੇ ਮਾਨਤਾ ਦਾ ਹੱਕਦਾਰ ਹੈ।

ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਪ੍ਰਵਾਸੀ ਪਰਿਵਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਦੇਣ। ਪੰਜਾਬ ਸਰਕਾਰ ਚੰਗੇ ਸਕੂਲ ਸਥਾਪਿਤ ਕਰ ਰਹੀ ਹੈ, ਤਾਂ ਜੋ ਹਰ ਪਿਛੋਕੜ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ, ਉਹ ਅਫ਼ਸਰ ਬਣਨ ਦੇ ਸੁਪਨੇ ਦੇਖ ਸਕਣ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾ ਸਕਣ।”

ਛੱਠ ਪੂਜਾ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰੇ, ਸਦਭਾਵਨਾ ਅਤੇ ਆਪਸੀ ਸਤਿਕਾਰ ਦੇ ਮੁੱਲਾਂ ਨੂੰ ਕਾਇਮ ਰੱਖਦਿਆਂ ਇਸ ਤਿਉਹਾਰ ਨੂੰ ਖੁਸ਼ੀ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਣ।