ਸੰਗਰੂਰ, 16 ਨਵੰਬਰ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਉਨ੍ਹਾਂ ਹਰ ਪੰਜਾਬੀ ਨੂੰ ਇਸ ਅਹਿਮ ਕੌਮੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਲੋਕਾਂ ਨੂੰ 16 ਤੋਂ 30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਘਰਾਂ, ਪਰਿਵਾਰਕ ਮੈਂਬਰਾਂ, ਆਮਦਨ, ਸਿੱਖਿਆ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਸਹੀ ਅੰਕੜੇ ਪੰਜਾਬ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਦਾ ਆਧਾਰ ਬਣਨਗੇ। ਲੋਕਾਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਦਸਤਾਵੇਜ਼ ਦੀ ਲੋੜ ਨਹੀਂ ਪਵੇਗੀ ਅਤੇ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬੀਆਂ ਨੂੰ ਸਹੀ ਵੇਰਵੇ ਦੇਣ ਅਤੇ ਸੂਬੇ ਦੇ ਵਿਕਾਸ ਦੀ ਭਵਿੱਖੀ ਰੂਪ-ਰੇਖਾ ਤਿਆਰ ਕਰਨ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।

ਇਸ ਮੌਕੇ ਦੇ ਕੁਝ ਦ੍ਰਿਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਹ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਜਾਰੀ ਰਹੇਗੀ, ਜਿਸ ਦੌਰਾਨ ਵਸਨੀਕ ਆਪਣੇ ਘਰਾਂ ਵਿੱਚ ਬੈਠ ਕੇ ਆਨਲਾਈਨ ਆਪਣੇ ਵੇਰਵੇ ਦਰਜ ਕਰ ਸਕਣਗੇ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਇਕੱਠੇ ਕੀਤੇ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਕੌਮੀ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਦੇਣ ਅਤੇ ਸਰਕਾਰ ਨੂੰ ਆਪਣਾ ਸਹਿਯੋਗ ਦੇਣ।”

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤ ਦੀ ਜਨਗਣਨਾ ਮੁੜ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਨੇ ਇਸ ਵਿਸ਼ਾਲ ਦੇਸ਼-ਵਿਆਪੀ ਮੁਹਿੰਮ ਦਾ ਹਿੱਸਾ ਬਣਨ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ, “ਜਨਗਣਨਾ ਦੋ ਪੜਾਵਾਂ ਵਿੱਚ ਕਰਵਾਈ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਮਕਾਨਾਂ ਦੀ ਸੂਚੀਬੰਦੀ ਅਤੇ ਰਿਹਾਇਸ਼ੀ ਜਨਗਣਨਾ ਦਾ ਕੰਮ ਪੰਜਾਬ ਵਿੱਚ ਪਹਿਲਾਂ ਹੀ ਸਫਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਇਸ ਪੜਾਅ ਦੌਰਾਨ ਮਕਾਨਾਂ ਦੀ ਹਾਲਤ, ਉਪਲਬਧ ਸਹੂਲਤਾਂ ਅਤੇ ਘਰੇਲੂ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ ਸੀ।”

ਜਨਗਣਨਾ ਅਧਿਕਾਰੀਆਂ, ਗਣਨਾਕਾਰਾਂ, ਸੁਪਰਵਾਈਜ਼ਰਾਂ, ਮਾਸਟਰ ਟ੍ਰੇਨਰਾਂ, ਫੀਲਡ ਟ੍ਰੇਨਰਾਂ ਅਤੇ ਸੂਬਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਮਰਪਿਤ ਯਤਨਾਂ ਨੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਪੂਰੀ ਪ੍ਰਕਿਰਿਆ ਨੂੰ ਸਹੀ ਤੇ ਵਿਆਪਕ ਬਣਾਉਣ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਮਹੱਤਵਪੂਰਨ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਦੂਜਾ ਪੜਾਅ, ਅਰਥਾਤ ਆਬਾਦੀ ਦੀ ਗਣਨਾ, ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹਰੇਕ ਨਾਗਰਿਕ ਦੀ ਜਨਸੰਖਿਆ ਸੰਬੰਧੀ ਰੂਪ-ਰੇਖਾ, ਸਮਾਜਿਕ-ਆਰਥਿਕ ਸਥਿਤੀ, ਪਰਵਾਸ, ਸਿੱਖਿਆ ਅਤੇ ਪ੍ਰਜਨਨ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਇਸ ਮੁਹਿੰਮ ਰਾਹੀਂ ਇਕੱਠੇ ਕੀਤੇ ਅੰਕੜੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੀ ਯੋਜਨਾਬੰਦੀ, ਵਿਕਾਸ ਅਤੇ ਲੋਕ-ਭਲਾਈ ਨੀਤੀਆਂ ਨੂੰ ਦਿਸ਼ਾ ਦੇਣ ਲਈ ਇੱਕ ਅਹਿਮ ਆਧਾਰ ਵਜੋਂ ਕੰਮ ਕਰਨਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ ਪਹਿਲੇ ਸੂਬਿਆਂ ਵਿੱਚ ਸ਼ਾਮਲ ਹੈ, ਜਿੱਥੇ ਇਹ ਮੁਹਿੰਮ ਚਲਾਈ ਜਾ ਰਹੀ ਹੈ। ਜਨਗਣਨਾ 2027 ਦੇ ਨਿਰਧਾਰਤ ਕਾਰਜਕ੍ਰਮ ਅਨੁਸਾਰ, ਆਨਲਾਈਨ ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਵੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ।”

ਸਾਰੇ ਪੰਜਾਬੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 16 ਨਵੰਬਰ ਤੋਂ 30 ਨਵੰਬਰ 2026 ਦਰਮਿਆਨ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਬੇਨਤੀ ਕੀਤੀ।

ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਇਹ ਪ੍ਰਕਿਰਿਆ ਪੂਰੀ ਕੀਤੀ ਹੈ ਅਤੇ ਇਸ ਨੂੰ ਬਹੁਤ ਹੀ ਸੌਖਾ ਤੇ ਸੁਵਿਧਾਜਨਕ ਪਾਇਆ ਹੈ। ਉਨ੍ਹਾਂ ਕਿਹਾ, “ਮੈਂ ਨਿੱਜੀ ਤੌਰ ’ਤੇ ਆਪਣੀ ਸਵੈ-ਗਣਨਾ ਪੂਰੀ ਕੀਤੀ ਹੈ ਅਤੇ ਇਹ ਸਾਰੀ ਪ੍ਰਕਿਰਿਆ ਬਹੁਤ ਹੀ ਸੌਖੀ ਤੇ ਸੁਵਿਧਾਜਨਕ ਹੈ। ਇਸ ਨੂੰ ਪੂਰਾ ਕਰਨ ਵਿੱਚ ਲਗਭਗ 25 ਤੋਂ 30 ਮਿੰਟ ਲੱਗਦੇ ਹਨ ਅਤੇ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਲੋਕਾਂ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆ ਕੇ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰਾ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਦਿੱਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਇਸ ਦੀ ਵਰਤੋਂ ਸਿਰਫ਼ ਯੋਜਨਾਬੰਦੀ ਅਤੇ ਵਿਕਾਸ ਦੇ ਉਦੇਸ਼ਾਂ ਲਈ ਹੀ ਕੀਤੀ ਜਾਵੇਗੀ।

ਆਬਾਦੀ ਦੀ ਗਣਨਾ ਦੀ ਇਸ ਮੁਹਿੰਮ ਵਿੱਚ ਹਰ ਨਾਗਰਿਕ ਨੂੰ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਮਾਨਦਾਰੀ ਅਤੇ ਉਤਸ਼ਾਹ ਨਾਲ ਸਵੈ-ਗਣਨਾ ਪੂਰੀ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਨਾਗਰਿਕ ਦੀ ਗਿਣਤੀ ਕੀਤੀ ਜਾਵੇਗੀ ਅਤੇ ਇਹ ਮੁਹਿੰਮ ਸਿਰਫ਼ ਅੰਕੜੇ ਇਕੱਠੇ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੇ ਵਿਕਾਸ ਅਤੇ ਸਮਾਜਿਕ-ਆਰਥਿਕ ਨੀਤੀਆਂ ਦੀ ਭਵਿੱਖੀ ਰੂਪ-ਰੇਖਾ ਤਿਆਰ ਕਰਨ ਨਾਲ ਜੁੜੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ, “ਇਹ ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ ਹੈ, ਜਿਸ ਵਿੱਚ ਮੋਬਾਈਲ ਐਪਲੀਕੇਸ਼ਨ ਅਤੇ ਆਨਲਾਈਨ ਸਵੈ-ਗਣਨਾ ਦੀ ਸਹੂਲਤ ਰਾਹੀਂ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ। ਜਨਗਣਨਾ ਦੇ ਸਾਰੇ ਅੰਕੜੇ ਗੁਪਤ ਰਹਿਣਗੇ। ਹਰ ਨਾਗਰਿਕ ਨੂੰ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਮੁਹਿੰਮ ਸਾਡੇ ਸੂਬੇ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਦਦ ਕਰੇਗੀ।”

ਇਸ ਮੌਕੇ ਜਨਗਣਨਾ ਸੰਚਾਲਨ ਪੰਜਾਬ ਦੀ ਡਾਇਰੈਕਟਰ ਡਾ. ਨਵਜੋਤ ਖੋਸਾ ਨੇ ਮੁੱਖ ਮੰਤਰੀ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਦੀ ਸਵੈ-ਗਣਨਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।