ਚੰਡੀਗੜ੍ਹ, 31 ਜੁਲਾਈ:- ਭਿਵਾਨੀ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਤੋਂ ਨਿਕਲ ਕੇ ਅੰਤਰਰਾਸ਼ਟਰੀ ਮੰਚ ਤੱਕ ਪਹੁੰਚੀ ਮਹਿਲਾ ਅਥਲੀਟ ਸੀਮਾ ਸਾਂਗਵਾਨ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਆਪਣੇ ਨਾਂ ਕੀਤਾ ਅਤੇ ਦੇਸ਼ ਦੀ ਝੋਲੀ ਵਿੱਚ ਇੱਕ ਹੋਰ ਤਗਮਾ ਪਾਇਆ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੀਮਾ ਸਾਂਗਵਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੀਮਾ ਨੇ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਸ਼ਾਨਦਾਰ ਖੇਡ ਭਾਵਨਾ ਨਾਲ ਡਿਸਕਸ ਥਰੋਅ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀਮਾ ਦੀ ਇਹ ਇਤਿਹਾਸਕ ਸਫ਼ਲਤਾ ਨਾ ਸਿਰਫ਼ ਹਰਿਆਣਾ ਲਈ ਬਲਕਿ ਪੂਰੇ ਭਾਰਤ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰ ਨੌਜਵਾਨ ਮਹਿਲਾ ਖਿਡਾਰਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਤ ਕਰੇਗੀ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹਰਿਆਣਾ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਉਤਸ਼ਾਹ ਅਤੇ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਅੱਜ ਹਰਿਆਣਾ ਦੇ ਨੌਜਵਾਨ ਹਰ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਦੇਸ਼ ਦਾ ਝੰਡਾ ਬੁਲੰਦ ਕਰ ਰਹੇ ਹਨ, ਜਿਸ ਦਾ ਸਿਹਰਾ ਖਿਡਾਰੀਆਂ ਦੀ ਅਥੱਕ ਮਿਹਨਤ ਅਤੇ ਰਾਜ ਸਰਕਾਰ ਦੀ ਖੇਡ-ਪੱਖੀ ਨੀਤੀਆਂ ਨੂੰ ਜਾਂਦਾ ਹੈ।
ਹਰਿਆਣਾ ਦੀ ਧੀ ਸੀਮਾ ਸਾਂਗਵਾਨ ਵੱਲੋਂ ਰਾਸ਼ਟਰਮੰਡਲ ਖੇਡਾਂ ਚ ਕਾਂਸੀ ਦਾ ਤਗ਼ਮਾ ਜਿੱਤਣ ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਵਧਾਈ ਅਤੇ ਸ਼ੁਭਕਾਮਨਾਵਾਂ
