ਗੜ੍ਹਸ਼ੰਕਰ/ਹੁਸ਼ਿਆਰਪੁਰ, 23 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਸ਼ੁਰੂ ਕੀਤੇ ਗਏ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਪਿੰਡ ਸਰਹਾਲਾ ਕਲਾਂ ਵਿਖੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਅਮਨਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਮਾਜਿਕ ਬੁਰਾਈ ਦਾ ਖਾਤਮਾ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ।

ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਸਮੇਂ ਦੀ ਮੁੱਖ ਮੰਗ ਹੈ। ਇਸ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਸਮਾਜਿਕ ਬੁਰਾਈ ਦੇ ਖਾਤਮੇ ਦਾ ਪ੍ਰਣ ਲੈਣਾ ਚਾਹੀਦਾ ਹੈ, ਤਾਂ ਜੋ ਨੌਜਵਾਨਾਂ ਦਾ ਸੁਨਹਿਰੀ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਸ਼ਿਆਂ ਦੇ ਹੌਟਸਪੌਟਸ ’ਤੇ ਪਹੁੰਚ ਕੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਇਸ ਸਮਾਜ ਭਲਾਈ ਦੇ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਦੇ ਭਵਿੱਖ ਵਿੱਚ ਉਸਾਰੂ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਰੋਕਿਆ ਜਾ ਸਕੇ।

ਸਹਾਇਕ ਕਮਿਸ਼ਨਰ ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ 60 ਦਿਨਾਂ ਦੀ ਕਾਰਜ ਯੋਜਨਾ ਤਿਆਰ ਕਰਕੇ ਲੋੜੀਂਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਬੰਧਤ ਵਿਭਾਗ ਵੱਲੋਂ ਪਿੰਡ-ਪਿੰਡ ਸੈਮੀਨਾਰ ਕਰਵਾ ਕੇ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ 29 ਅਕਤੂਬਰ ਨੂੰ ਪਿੰਡ ਭੂੰਗਰਨੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿੱਥੇ ਵੱਖ-ਵੱਖ ਉਦਯੋਗਿਕ ਇਕਾਈਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਪਸੰਦ ਦੀਆਂ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰਾਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਬਣਦੀ ਕਾਰਵਾਈ ਯਕੀਨੀ ਬਣਵਾ ਸਕਦਾ ਹੈ। ਇਸ ਮੌਕੇ ਡੀਐੱਸਪੀ ਭਾਰਤ ਭੂਸ਼ਣ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।