ਚੰਡੀਗੜ੍ਹ, 9 ਮਈ- ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੰਜਾਬ ਦੇ ਬੁੱਧੀਜੀਵੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਹੈ ਕਿ ਆਮ ਅਤੇ ਗਰੀਬ ਲੋਕਾਂ ਦੇ ਮੁੱਦਿਆਂ ਸੰਬੰਧੀ ਸੰਘਰਸ਼ ਕੀਤਾ ਜਾਵੇਗਾ। ਪਾਰਟੀ ਵਲੋਂ 21 ਤੋਂ 25 ਸਿਤੰਬਰ 2025 ਤਕ ਚੰਡੀਗੜ੍ਹ ਵਿਖੇ ਕਰਵਾਏ ਜਾਣ ਵਾਲੇ ਰਾਸ਼ਟਰੀ ਸੰਮੇਲਨ ਸੰਬੰਧੀ ਡਾ. ਸਵਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਹਾ ਗਿਆ ਕਿ ਦੇਸ਼ ਦੇ ਗਰੀਬ ਅਤੇ ਆਮ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੇਸ਼ ਦੀਆਂ ਖੱਬੀਆਂ ਧਿਰਾਂ, ਬੁੱਧੀਜੀਵੀ ਅਤੇ ਹੋਰ ਜਨਤਕ ਜਥੇਬੰਦੀਆਂ ਅਤੇ ਸਮਾਜ ਦੇ ਜਾਗਰੂਕ ਵਿਅਕਤੀ ਹੀ ਹੱਲ ਕਰ ਸਕਦੇ ਹਨ।
ਇਸ ਮੌਕੇ ਬੋਲਦਿਆਂ ਡਾ. ਸਵਰਾਜਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਪੂੰਜੀਵਾਦ ਪ੍ਰਣਾਲੀ ਬਹੁਤ ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਆਪਣੇ ਆਖਰੀ ਸਾਹਾਂ ’ਤੇ ਹੈ। ਦੇਸ਼ ਦੇ ਮਜ਼ਦੂਰ, ਕਿਸਾਨ, ਹੋਰ ਕਿਰਤੀ ਵਰਗ, ਛੋਟੇ ਵਪਾਰੀ, ਮੁਲਾਜ਼ਮਾਂ ਆਦਿ ਵਿੱਚ ਮੌਜੂਦਾ ਰਾਜਨੀਤਕ ਪ੍ਰਬੰਧ ਦੇ ਖਿਲਾਫ ਬਹੁਤ ਰੋਸ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਨਵਾਂ ਬਦਲ ਜਾਂ ਰਾਹ ਨਹੀਂ ਦਿਖ ਰਿਹਾ, ਜਿਸਦੀ ਭਰਪਾਈ ਖੱਬੇ ਪੱਖੀ ਸ਼ਕਤੀਆਂ ਅਤੇ ਸਿਵਲ ਸੋਸਾਇਟੀ ਦੇ ਲੋਕ ਮਿਲ ਕੇ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਾਂ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਘੱਟ ਹੈ, ਜੋ ਸਮਾਜ ਦੀ ਤਰੱਕੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਔਰਤਾਂ ਨੂੰ ਦੇਸ਼ ਦੀਆਂ ਸਮੱਸਿਆਵਾਂ ਸੰਬੰਧੀ ਅੱਗੇ ਹੋ ਕੇ ਇੱਕ ਜਨਤਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ।
ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਨੇ ਕਿਹਾ ਕਿ ਇਸ ਲੋਕ ਪੱਖੀ ਸੰਮੇਲਨ ਨੂੰ ਸਫਲ ਕਰਨ ਦੇ ਲਈ ਬੁੱਧੀਜੀਵੀ ਵਰਗ ਦੀ ਅਹਿਮ ਭੂਮਿਕਾ ਹੋਵੇਗੀ ਤਾਂ ਜੋ ਉਹ ਆਪਣੇ-ਆਪਣੇ ਖੇਤਰ ਵਿੱਚ ਰਾਸ਼ਟਰੀ ਸੰਮੇਲਨ ਦੀ ਮਹੱਤਤਾ ਨੂੰ ਲੋਕਾਂ ਤਕ ਪਹੁੰਚਾ ਸਕਣ, ਤਾਂ ਕਿ ਦੇਸ਼ ਅਤੇ ਪੰਜਾਬ ਸੂਬੇ ਵਿੱਚ ਪੀੜਤ ਵਰਗ ਦੇ ਲੋਕ ਇਕਜੁਟ ਹੋ ਕੇ ਆਪਣੇ ਹੱਕਾਂ ਸੰਬੰਧੀ ਲੜਨ ਲਈ ਤਿਆਰ ਹੋ ਸਕਣ।
ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਇਸ ਮੌਕੇ ਆ ਰਹੀਆਂ ਅੜਚਣਾਂ, ਜਿਨ੍ਹਾਂ ਵਿੱਚ ਬੇਰੁਜ਼ਗਾਰੀ, ਨਸ਼ੇ, ਮਹਿੰਗਾਈ, ਵੱਖ-ਵੱਖ ਮਾਫੀਆ, ਕਾਨੂੰਨ ਵਿਵਸਥਾ, ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਸੰਬੰਧੀ ਵੀ ਵਿਚਾਰ ਕੀਤਾ ਗਿਆ ਅਤੇ ਇਨ੍ਹਾਂ ਲੋਕਾਂ ਦੇ ਹੱਕ ਵਿੱਚ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਸਿਰਸਾ, ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ, ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਐਡਵੋਕੇਟ ਹਰਚੰਦ ਸਿੰਘ ਬਾਠ, ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਜੰਮੂ, ਸੁਰਜੀਤ ਜੱਜ, ਜਗਰੂਪ ਸਿੰਘ, ਸਰਬਜੀਤ ਸਿੰਘ ਵਿਰਕ, ਡਾਕਟਰ ਇੰਦਰਬੀਰ ਗਿੱਲ, ਕਮਲਜੀਤ ਕੌਰ ਢਿੱਲੋਂ, ਅਮੀਰ ਸੁਲਤਾਨਾ, ਪ੍ਰੋਫੈਸਰ ਰਵਿੰਦਰ ਸ਼ਰਮਾ, ਬਲਕਾਰ ਸਿੱਧੂ ਅਤੇ ਰੰਜੀਵਨ (ਦੋਵੇਂ ਨਾਟਕਕਾਰ), ਐਡਵੋਕੇਟ ਸਨੇਹਪ੍ਰੀਤ ਸਿੰਘ (ਪ੍ਰਧਾਨ ਬਾਰ ਐਸੋਸੀਏਸ਼ਨ ਮੁਹਾਲੀ) ਅਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਮਹਿੰਦਰ ਸਿੰਘ ਵੀ ਹਾਜ਼ਰ ਸਨ।
ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪੰਜਾਬ ਦੇ ਬੁੱਧੀਜੀਵੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਨਾਲ ਮੀਟਿੰਗ
