ਬਲਾਚੌਰ, 9 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ ਨੇ ਦੀਵਾਲੀ ਮੌਕੇ ਲਗਾਇਆ ਗਿਆ ਆਪਣਾ ਵਧਾਈ ਵਾਲਾ ਬੈਨਰ ਪਾੜੇ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੇ ਵੀਡੀਓ ਰਾਹੀਂ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦੇ ਬੋਰਡ ਪੁੱਟਣ ਨਾਲ ਵਿਕਾਸ ਨਹੀਂ ਹੁੰਦਾ, ਸਗੋਂ ਕੰਮ ਕਰਕੇ ਦਿਖਾਉਣਾ ਪੈਂਦਾ ਹੈ।

ਸੁਰਿੰਦਰ ਛਿੰਦਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦੇਣ ਲਈ ਬੈਨਰ ਲਗਾਇਆ ਗਿਆ ਸੀ, ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਪਾੜ ਕੇ ਹੇਠਾਂ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬੈਨਰ ਨਹੀਂ ਸੀ, ਸਗੋਂ ਲੋਕਾਂ ਨਾਲ ਜੁੜੇ ਪਿਆਰ ਅਤੇ ਸਤਿਕਾਰ ਦਾ ਪ੍ਰਤੀਕ ਸੀ।

ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਹਾਰ-ਜਿੱਤ ਹੁੰਦੀ ਰਹਿੰਦੀ ਹੈ, ਪਰ ਇਸ ਤਰ੍ਹਾਂ ਦੂਜਿਆਂ ਦੇ ਬੋਰਡ ਪੁੱਟਣਾ ਛੋਟੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸਿਆਸੀ ਮੈਦਾਨ ਵਿੱਚ ਅੱਗੇ ਵਧਣਾ ਹੈ ਤਾਂ ਉਹ ਲੋਕਾਂ ਦੇ ਕੰਮ ਕਰਕੇ ਅੱਗੇ ਵਧੇ, ਨਾ ਕਿ ਬੋਰਡ ਪੁੱਟ ਕੇ।

ਛਿੰਦਾ ਰੈਲਮਾਜਰਾ ਨੇ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।

ਅੰਤ ਵਿੱਚ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।