ਸੰਗਰੂਰ, 4 ਅਕਤੂਬਰ:- ਪਿੰਡ ਈਨਾ ਬਾਜਵਾ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਖੇਡ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡਾਂ ਪ੍ਰਤੀ ਨੌਜਵਾਨਾਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਵਿੱਚ ਖੇਡਾਂ ਨੂੰ ਲੈ ਕੇ ਨਵੀਂ ਲਹਿਰ ਪੈਦਾ ਹੋ ਰਹੀ ਹੈ।
ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ, ਮਿਹਨਤ ਅਤੇ ਅਨੁਸ਼ਾਸਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਸਵਾਗਤ ਕੀਤਾ ਗਿਆ।
