ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 08 ਸਤੰਬਰ 2025: ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਉੱਪ ਦਫ਼ਤਰ ਜ਼ੀਰਕਪੁਰ ਵਿਖੇ ਆਪਣੀ ਟੀਮ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇਕ ਜ਼ਰੂਰੀ ਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਇਲਾਕੇ ਵਿੱਚ ਹੋਏ ਨੁਕਸਾਨ ਅਤੇ ਲੋਕਾਂ ਨੂੰ ਪੇਸ਼ ਆ ਰਹੀਆ ਮੁਸ਼ਕਲਾਂ ਦਾ ਹੱਲ ਕਰਨ ਤੇ ਕੇਂਦ੍ਰਿਤ ਸੀ।
      ਵਿਧਾਇਕ ਰੰਧਾਵਾ ਨੇ ਲਗਾਤਾਰ ਪਏ ਭਾਰੀ ਮੀਂਹ ਤੋਂ ਬਾਅਦ, ਹੁਣ ਜਿਥੇ-ਜਿਥੇ ਨਾਲਿਆਂ ਤੇ ਸੀਵਰੇਜ ਦੀ ਸਾਫ਼ ਸਫਾਈ, ਸੜ੍ਹਕਾਂ ਦੀ ਮੁਰੰਮਤ ਹੋਣ ਵਾਲੀ ਹੈ, ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਹਦਾਇਤ ਕੀਤੀ।
       ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਤੇ ਆਪਣੀ ਸਮੁੱਚੀ ਟੀਮ ਨੂੰ ਅੱਜ ਤੋਂ ਹੀ ਗਰਾਊਂਡ ਲੈਵਲ ਤੇ ਹਾਜ਼ਰ ਰਹਿ ਕੇ ਅਤੇ ਸ਼ਹਿਰ ਦੇ ਹਰ ਵਾਰਡ, ਗਲੀ ਮੁਹੱਲੇ ਵਿੱਚ ਜਾ ਕੇ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਕਾਰਨ ਹੋਈਆਂ ਮੁਸ਼ਕਲਾਂ ਜਿਵੇਂ ਸੀਵਰੇਜ ਬਲਾਕੇਜ, ਸੜ੍ਹਕਾਂ ਦੀ ਮੁਰੰਮਤ ,ਪਾਣੀ ਦੀ ਨਿਕਾਸੀ ਅਤੇ ਹੋਰ ਵੀ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਸਬੰਧੀ ਨਿਰੀਖਣ ਕਰਨ ਲਈ ਕਿਹਾ ਅਤੇ 24 ਘੰਟੇ ਦੇ ਅੰਦਰ-ਅੰਦਰ ਨਿਰੀਖਣ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਤੇ ਲੋਕਾਂ ਨੂੰ ਅੱਗੇ ਆਉਣ ਵਾਲੇ ਸਮੇਂ ਵਿੱਚ ਦਿੱਕਤ ਪੇਸ਼ ਨਾ ਆਵੇ ।