ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਅੱਜ ਸਮੂਹ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਵੱਲੋਂ ਵੋਟਰ ਸੂਚੀ ਦਾ ਮੁੱਢਲਾ ਪ੍ਰਕਾਸ਼ਨ ਕਰਵਾਇਆ ਗਿਆ। ਹਰੇਕ ਵਿਧਾਨ ਸਭਾ ਹਲਕੇ ਅਨੁਸਾਰ ਤਿਆਰ ਕੀਤੀਆਂ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀਡੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ ਗਈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸ਼ਡਿਊਲ ਸਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੋਟਰ ਸੂਚੀ ਦੇ ਡਰਾਫਟ ਪ੍ਰਕਾਸ਼ਨ ਤੋਂ ਬਾਅਦ 11 ਦਸੰਬਰ 2026 ਤੱਕ ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾਏ ਜਾ ਸਕਣਗੇ। ਇਨ੍ਹਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ ਅਤੇ 4 ਜਨਵਰੀ 2027 ਨੂੰ ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਮੁੱਢਲੇ ਪ੍ਰਕਾਸ਼ਨ, ਨਵੇਂ ਬਣਾਏ ਗਏ ਪੋਲਿੰਗ ਬੂਥਾਂ ਅਤੇ ਵੋਟਰਾਂ ਦੀ ਗਿਣਤੀ ਦੇ ਵੇਰਵਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮੁੱਢਲੀ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਤ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਉਪਲਬਧ ਹੈ, ਜਿੱਥੇ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ https://www.ceopunjab.gov.in ਅਤੇ ਜ਼ਿਲ੍ਹਾ ਚੋਣ ਦਫ਼ਤਰ ਦੀ ਵੈੱਬਸਾਈਟ Hoshiarpur.nic.in ’ਤੇ ਵੀ ਉਪਲਬਧ ਹੈ। ਕੋਈ ਵੀ ਵੋਟਰ ਜਾਂ ਵਿਅਕਤੀ ਆਪਣਾ ਨਾਮ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਜਾ ਕੇ ਜਾਂ ਆਨਲਾਈਨ ਮਾਧਿਅਮ ਰਾਹੀਂ ਦੇਖ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਸਬੰਧੀ 11 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ। ਜੇਕਰ ਕੋਈ ਵਿਅਕਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇ ਅਤੇ ਉਸ ਦੀ ਵੋਟ ਹਾਲੇ ਤੱਕ ਨਾ ਬਣੀ ਹੋਵੇ, ਤਾਂ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6 ਭਰ ਕੇ ਸਬੰਧਤ ਬੀ.ਐੱਲ.ਓ./ਏ.ਆਰ.ਓ. ਦਫ਼ਤਰ ਵਿੱਚ ਜਾਂ ਆਨਲਾਈਨ ਅਪਲਾਈ ਕਰ ਸਕਦਾ ਹੈ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਨਾਲ ਤਾਲਮੇਲ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.) ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।
