ਬਲਾਚੌਰ, 7 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪੰਜਾਬ ਵਿੱਚ ਮਾਰੂ ਨਸ਼ਿਆਂ ਦਾ ਛੇਵਾਂ ਦਰਿਆ ਤੇਜ਼ੀ ਨਾਲ ਵਧ-ਫੁੱਲ ਰਿਹਾ ਹੈ ਅਤੇ ਇਹ ਆਉਣ ਵਾਲੀਆਂ ਨਸਲਾਂ ਦਾ ਵੱਡਾ ਨੁਕਸਾਨ ਕਰੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ, ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ, ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਅੱਜ ਇੱਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ।
ਸਾਥੀ ਰਾਣਾ ਨੇ ਕਿਹਾ ਕਿ ਮਾਰੂ ਨਸ਼ਿਆਂ ਨੇ ਪਿਛਲੇ 20 ਸਾਲਾਂ ਦੌਰਾਨ ਪੰਜਾਬ ਦੀ ਜਵਾਨੀ ਦਾ ਵੱਡਾ ਹਿੱਸਾ ਬਰਬਾਦ ਕਰ ਦਿੱਤਾ ਹੈ। ਪੰਜਾਬ ਦੇ ਲੋਕ ਹਾਕਮਾਂ ਵਿਰੁੱਧ ਜ਼ੋਰਦਾਰ ਸੰਘਰਸ਼ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਨਸ਼ਿਆਂ ਨੂੰ ਰੋਕਿਆ ਜਾਵੇ, ਕਿਉਂਕਿ ਮਾਵਾਂ ਦੇ ਪੁੱਤ ਮੁੱਕਦੇ ਜਾ ਰਹੇ ਹਨ। ਪੰਜਾਬ ਵਿੱਚ ਭਾਜਪਾ, ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪਿਛਲੇ 20 ਸਾਲਾਂ ਤੋਂ ਸਰਕਾਰਾਂ ਚਲਾ ਰਹੀਆਂ ਹਨ, ਪਰ ਮਾਰੂ ਨਸ਼ਿਆਂ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਅਸਲ ਮਾਲਕ ਪੂੰਜੀਪਤੀ ਕਾਰਪੋਰੇਟ ਘਰਾਣੇ ਹਨ, ਇਸੇ ਲਈ ਇਹ ਵਰਤਾਰਾ ਲਗਾਤਾਰ ਵਧ ਰਿਹਾ ਹੈ।
ਸਾਥੀ ਰਾਣਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਮਾਰੂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਦੁਨੀਆ ਦੇ ਵੱਡੇ ਕਾਰਪੋਰੇਟ ਘਰਾਣੇ ਹਨ, ਜੋ ਸਾਮਰਾਜਵਾਦੀ ਹਕੂਮਤਾਂ ਅਤੇ ਮਾਫੀਆ ਨਾਲ ਮਿਲ ਕੇ ਮਨੁੱਖਤਾ ਵਿਰੋਧੀ ਕਾਰੋਬਾਰ ਚਲਾ ਰਹੇ ਹਨ। ਪਰ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਨੂੰ 29 ਤੱਕ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਕੇ ਪੰਜਾਬੀਆਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ, ਜਦਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੂੰਜੀਵਾਦੀ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।
ਸਾਥੀ ਰਾਣਾ ਨੇ ਆਪਣੀ ਦਲੀਲ ਦੇ ਹੱਕ ਵਿੱਚ ਅੰਕੜੇ ਪੇਸ਼ ਕਰਦਿਆਂ ਕਿਹਾ ਕਿ 13 ਸਤੰਬਰ 2021 ਨੂੰ ਅਡਾਨੀ ਦੇ ਗੁਜਰਾਤ ਸਥਿਤ ਮੁੰਦਰਾ ਬੰਦਰਗਾਹ ਤੋਂ 2,288 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਮਈ 2022 ਵਿੱਚ 52 ਕਿਲੋਗ੍ਰਾਮ ਕੋਕੀਨ, ਜੁਲਾਈ 2022 ਵਿੱਚ 70 ਕਿਲੋਗ੍ਰਾਮ ਹੈਰੋਇਨ, ਫਰਵਰੀ 2026 ਵਿੱਚ 19 ਲੱਖ ਨਸ਼ੀਲੀਆਂ ਗੋਲੀਆਂ ਅਤੇ 26 ਮਈ 2026 ਨੂੰ 115 ਕਿਲੋਗ੍ਰਾਮ ਕੋਕੀਨ ਫੜੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਅਸਲ ਦੋਸ਼ੀਆਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਰਾਮਦਗੀਆਂ ਨੇ ਇਸ ਕਥਿਤ ਗਠਜੋੜ ਦਾ ਪਰਦਾਫਾਸ਼ ਕਰ ਦਿੱਤਾ ਹੈ।
ਸਾਥੀ ਰਾਣਾ ਨੇ ਕਿਹਾ ਕਿ ਇਨ੍ਹਾਂ ਤੱਥਾਂ ਤੋਂ ਸਪੱਸ਼ਟ ਹੈ ਕਿ ਭਾਰਤੀ ਕਾਰਪੋਰੇਟ ਘਰਾਣੇ, ਕੇਂਦਰ ਸਰਕਾਰ ਅਤੇ ਵੱਡਾ ਮਾਫੀਆ ਇੱਕ ਗਠਜੋੜ ਬਣਾ ਕੇ ਮਾਰੂ ਨਸ਼ਿਆਂ ਦੇ ਕਾਰੋਬਾਰ ਨੂੰ ਬੜ੍ਹਾਵਾ ਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਗਠਜੋੜ ਦੀਆਂ ਤਾਰਾਂ ਅਮਰੀਕੀ ਸਾਮਰਾਜਵਾਦੀ ਹਕੂਮਤ ਨਾਲ ਜੁੜਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਪੂੰਜੀਵਾਦੀ ਕਾਰਪੋਰੇਟ ਘਰਾਣਿਆਂ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰਾਂ ਮਾਰੂ ਨਸ਼ਿਆਂ ਨੂੰ ਕਿਵੇਂ ਰੋਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਵਿਕਾਸ ਦਾ ਮਾਡਲ ਕਦੇ ਵੀ ਮਾਰੂ ਨਸ਼ਿਆਂ ਨੂੰ ਖ਼ਤਮ ਨਹੀਂ ਕਰ ਸਕਦਾ, ਸਗੋਂ ਇਹ ਮਾਡਲ ਹੀ ਨਸ਼ਿਆਂ ਦੇ ਵਪਾਰ ਨੂੰ ਪਾਲਦਾ ਹੈ।
ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਮਾਰੂ ਨਸ਼ਿਆਂ ਨੂੰ ਰੋਕਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਜਨ ਅੰਦੋਲਨਾਂ ਦਾ ਘੇਰਾ ਵਿਸ਼ਾਲ ਅਤੇ ਮਜ਼ਬੂਤ ਕੀਤਾ ਜਾਵੇ, ਤਾਂ ਜੋ ਇਨ੍ਹਾਂ ਮਾਰੂ ਨਸ਼ਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਲੋਕਾਂ ਦਾ ਸੰਗਠਿਤ ਸੰਘਰਸ਼ ਹੀ ਪੰਜਾਬ ਨੂੰ ਇਸ ਦਲਦਲ ਵਿੱਚੋਂ ਕੱਢ ਸਕਦਾ ਹੈ।
