ਅੰਮ੍ਰਿਤਸਰ:- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਸਥਾਨਕ ਅਦਾਲਤ ਨੇ 21 ਨਵੰਬਰ ਨੂੰ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ। ਇਸ ਤੋਂ ਇਲਾਵਾ 22 ਨਵੰਬਰ ਨੂੰ ਫੁੱਲ ਚੁਗਣ ਦੀ ਰਸਮ ਅਤੇ 23 ਨਵੰਬਰ ਨੂੰ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਉਨ੍ਹਾਂ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਵਧੀਕ ਸੈਸ਼ਨਜ਼ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਿਰਾਸਤ ਵਿੱਚ ਹੀ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਆਂਦਾ ਜਾਵੇ, ਤਾਂ ਜੋ ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣ।

ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ 13 ਨਵੰਬਰ ਨੂੰ ਜਾਰੀ ਕੀਤੇ ਗਏ ਪਿਛਲੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਗਈ ਸੀ। ਇਸ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਦਿਆਂ ਅਦਾਲਤ ਨੇ 21 ਨਵੰਬਰ ਨੂੰ ਸੀਮਤ ਸਮੇਂ ਲਈ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।