ਖੰਨਾ:- ਖੰਨਾ ਪੁਲੀਸ ਨੇ ਕੌਮਾਂਤਰੀ ਪੱਧਰ ’ਤੇ ਚੱਲ ਰਹੇ ਸਾਈਬਰ ਠੱਗਾਂ ਦੇ ਇੱਕ ਵੱਡੇ ਗਿਰੋਹ ਨੂੰ ਬੇਨਕਾਬ ਕਰਦਿਆਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਇਹ ਗਿਰੋਹ ਹੁਣ ਤੱਕ ਲਗਭਗ 78.05 ਕਰੋੜ ਰੁਪਏ ਦੀ ਵਿੱਤੀ ਧੋਖਾਧੜੀ ਕਰ ਚੁੱਕਾ ਹੈ।
ਪੁਲੀਸ ਨੇ 53 ਸ਼ੱਕੀ ‘ਮਿਊਲ’ ਖਾਤਿਆਂ ਦੀ ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ, ਜਿਨ੍ਹਾਂ ਵਿੱਚੋਂ 43 ਲੱਖ ਤੋਂ ਵੱਧ ਦੀ ਰਕਮ ਫ੍ਰੀਜ਼ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ, ਰਾਜਸਥਾਨ, ਦਿੱਲੀ ਅਤੇ ਪੱਛਮੀ ਬੰਗਾਲ ਵਰਗੇ ਵੱਖ-ਵੱਖ ਰਾਜਾਂ ਨਾਲ ਸਬੰਧਤ ਹਨ, ਜੋ ਭੋਲੇ-ਭਾਲੇ ਲੋਕਾਂ ਦੇ ਬੈਂਕ ਖਾਤਿਆਂ ਦੀ ਵਰਤੋਂ ਕਰਕੇ ਕਾਲੇ ਧਨ ਨੂੰ ਇੱਧਰ-ਉੱਧਰ ਕਰਦੇ ਸਨ।
ਪੁਲੀਸ ਮੁਤਾਬਕ ਇਨ੍ਹਾਂ ਮੁਲਜ਼ਮਾਂ ਖਿਲਾਫ਼ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ 200 ਤੋਂ ਵੱਧ ਸ਼ਿਕਾਇਤਾਂ ਦਰਜ ਹਨ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਠੱਗ ਲੋਕਾਂ ਨੂੰ ਲਿੰਕ ਭੇਜ ਕੇ ਜਾਂ ਓ.ਟੀ.ਪੀ. ਰਾਹੀਂ ਆਪਣੇ ਜਾਲ ਵਿੱਚ ਫਸਾਉਂਦੇ ਸਨ। ਐੱਸ.ਐੱਸ.ਪੀ. ਨੇ ਲੋਕਾਂ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਹੈ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣਾ ਨਿੱਜੀ ਡਾਟਾ ਸਾਂਝਾ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਰਤ ਵਿੱਚ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930\B ’ਤੇ ਕਾਲ ਕਰਨ। ਪੁਲੀਸ ਹੁਣ ਇਸ ਗਿਰੋਹ ਦੇ ਬਾਕੀ ਖਾਤਿਆਂ ਨੂੰ ਖੰਗਾਲ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਿਆ ਜਾ ਸਕੇ।